ਕਥਿਤ ਆੜ੍ਹਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ
ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐੱਸ.ਓ) ਜਸਵਿੰਦਰ ਸਿੰਘ ਅਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਸ਼ਾਮਲ ਹਨ।ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਵਸਨੀਕ ਇੱਕ ਆੜ੍ਹਤੀਏ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੇ ਦਾਅਵੇ ਮੁਤਾਬਕ ਉਸ (ਆੜ੍ਹਤੀਏ)ਦੇ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਹੋਣ ਕਾਰਨ ਮੌਤ ਹੋ ਗਈ ਸੀ । ਵਿਜੇ ਕਾਲੜਾ ਅਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ