ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ
ਚੰਡੀਗੜ੍ਹ, 3 ਦਸੰਬਰ:(ਜਸ਼ਨ): ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨ੍ਹਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ ਰੂਮ (ਪੀ.ਸੀ.ਆਰ.) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬਾ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨ੍ਹਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ, ਜਿਨ੍ਹਾਂ ਦੀ ਟੈਕਸੀ ਜਾਂ ਥ੍ਰੀ-ਵ੍ਹੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ। ਔਰਤ ਵਿੱਚ ਸੁਰੱਖਿਆ ਦੀ ਭਾਵਨਾ ਵਜੋਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਆਵਾਜਾਈ ਦੌਰਾਨ ਸਬੰਧਤ ਔਰਤ ਨਾਲ ਘੱਟੋ-ਘੱਟ ਇਕ ਮਹਿਲਾ ਪੁਲੀਸ ਅਫ਼ਸਰ ਜ਼ਰੂਰ ਹੋਣੀ ਚਾਹੀਦੀ ਹੈ। ਡੀ.ਜੀ.ਪੀ. ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੁਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਪੁਲੀਸ ਹੈੱਡਕੁਆਟਰਾਂ ’ਤੇ ਸਮਰਪਿਤ ਪੀ.ਸੀ.ਆਰ. ਵਾਹਨ ਮੌਜੂਦ ਹੋਣਗੇ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ