ਜਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਮੋਗਾ 5 ਦਸੰਬਰ(ਜਸ਼ਨ): ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜਨਵਰੀ 2020 ਤੱਕ ਲਾਗੂ ਰਹਿਣਗੇ।
ਮੋਗਾ ਸ਼ਹਿਰ ਦੇ ਮੁੱਖ ਬਜਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਮੋਗਾ ਸ਼ਹਿਰ ਦੇ ਮੁੱਖ ਬਜਾਰ (ਲਾਈਟਾਂ ਵਾਲਾ ਚੌਕ ਤੋਂ ਦੇਵ ਹੋਟਲ ਚੌਕ ਤੱਕ) ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਭਾਰੀ ਵਾਹਨਾਂ ਦੀ ਐਂਟਰੀ ਹੋਣ ਨਾਲ ਬਜਾਰ ਵਿੱਚ ਭੀੜ ਵਧ ਜਾਂਦੀ ਹੈ, ਜਿਸ ਕਾਰਣ ਆਵਾਜਾਈ ‘ਚ ਰੁਕਾਵਟ ਪੇਸ਼ ਆਉਂਦੀ ਹੈ। ਅਜਿਹੇ ਵਾਹਨ ਪਾਬੰਦੀ ਦੇ ਸਮੇਂ ਦੌਰਾਨ ਜੀ.ਟੀ ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਂਕ ਤੱਕ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਠੀਕਰੀ ਪਹਿਰੇ ਲਾਉਣ ਦੇ ਆਦੇਸ਼
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਚੋਰੀਆਂ ਅਤੇ ਹੋਰ ਭੰਨ-ਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਇਸ ਨਾਲ ਲੋਕਾਂ ਦੇ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ‘ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ ਅਤੇ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟ੍ਰਾਂਸਮਿਸਨ ਲਾਈਨਾਂ ਅਤੇ ਬਿਜਲੀ ਬੋਰਡ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਵਿੱਚ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਮਿਊਸ਼ਪਲ ਕੌਂਸਲਰ ਠੀਕਰੇ ਪਹਿਰੇ ਲਗਾਉਣ ਲਈ ਜਿੰਹੋਣਗੇ।
ਸ਼ਹਿਰੀ ਤੇ ਪੇਡੂ ਖੇਤਰਾਂ ‘ਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜਿਲ੍ਹੇ ਦੇ ਸ਼ਹਿਰੀ ਅਤੇ ਪੇਡੂ ਖੇਤਰਾਂ ‘ਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਕਈ ਮੌਤਾਂ ਵੀ ਹੋਈਆਂ ਹਨ। ਇਸ ਲਈ ਜਿਲ੍ਹਾ ਮੋਗਾ ਦੇ ਪੇਡੂ/ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜਨੀਅਰ, ਪੰਜਾਬ ਜਲ-ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਅਤੇ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਮਨਾਹੀ ਦੇ ਹੁਕਮ
ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ‘ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ‘ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ‘ਚ ਕਿਸੇ ਤਰ੍ਹਾਂਂ ਦੇ ਹਾਰਨ ਵਜਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਜਿਲਾ ਮੈਜਿਸਟ੍ਰੇਟ ਵੱਲੋਂ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨ੍ਹਾਂਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ‘ਤੇ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ।


