ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਵਾਸਤੇ ਮੁਫ਼ਤ ਰਜਿਸਟ੍ਰੇਸ਼ਨ ਸੁਵਿਧਾ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਦਫ਼ਤਰ ‘ਚ ਉਪਲਬਧ

ਮੋਗਾ, 11 ਦਸੰਬਰ (ਜਸ਼ਨ): ‘‘ਸ਼੍ਰੀ. ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਕਰਮਭੂਮੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੱਤ ਦਹਾਕਿਆਂ ਤੋਂ ਤਰਸ ਰਹੀ ਸੰਗਤ ਲਈ 550ਵਾਂ ਪ੍ਰਕਾਸ਼ ਪੁਰਬ ਅਪਾਰ ਖੁਸ਼ੀਆਂ ਲੈ ਕੇ ਆਇਆ ਜਦੋਂ ਹਿੰਦੋਸਤਾਨ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦਾ ਫੈਸਲਾ ਲਿਆ ਅਤੇ ਹੁਣ ਰੋਜ਼ਾਨਾ ਸੰਗਤਾਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਜਨਮ ਸਫ਼ਲੇ ਕਰ ਰਹੀਆਂ ਹਨ । ’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਦੱਸਿਆ ਕਿ ਬੇਸ਼ੱਕ ਦੋਹਾਂ ਸਰਕਾਰਾਂ ਵੱਲੋਂ ਸੰਗਤਾਂ ਲਈ ਖੁਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦਿੱਤੀ ਗਈ ਹੈ ਪਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਤੈਅਸ਼ੁਦਾ ਰਸਮੀ ਕਾਰਵਾਈ ਵਿਚੋਂ ਗੁਜ਼ਰਨਾ ਪੈਂਦਾ ਹੈ ਜਿਸ ਦਾ ਮੁੱਢਲਾ ਪੜ੍ਹਾਅ ਆਨਲਾਈਨ ਰਜਿਸਟ੍ਰੇਸ਼ਨ ਹੈ। ਉਹਨਾਂ ਕਿਹਾ ਕਿ ਇਹ ਰਜਿਸਟਰੇਸ਼ਨ ਕਰਵਾਉਣੀ ਆਮ ਵਿਅਕਤੀ ਲਈ ਜਟਿਲ ਹੈ । ਡਾ: ਹਰਜੋਤ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀਆਂ ਅਪਾਰ ਬਖਸ਼ਿਸ਼ਾਂ ਸਦਕਾ ਜਦੋਂ ਹੁਣ ਕਰਤਾਰਪੁਰ ਕੋਰੀਡੋਰ ਖੁਲ੍ਹ ਹੀ ਗਿਆ ਹੈ ਤਾਂ ਮਹਿਜ਼ ਰਜਿਸਟਰੇਸ਼ਨ ਵਰਗੀਆਂ ਸਮੱਸਿਆਵਾਂ ਸੰਗਤਾਂ ਦੇ ਰਾਹ ਵਿਚ ਰੋੜਾ ਨਹੀਂ ਬਣ ਸਕਦੀਆਂ ਇਸੇ ਕਰਕੇ ਉਹਨਾਂ ਖੁਦ ਆਨਲਾਈਨ ਰਜਿਸਟਰੇਸ਼ਨ ਦੀ ਸਹੂਲਤ ਸੰਗਤਾਂ ਲਈ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਹੈ । ਉਹਨਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਜੀ.ਟੀ. ਰੋਡ ਸਥਿੱਤ ਦਫ਼ਤਰ ਵਿਖੇ ਕਰਤਾਰਪੁਰ ਸਾਹਿਬ, ਪਾਕਿਸਤਾਨ  ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਭਰਨ ਦੀ ਸੁਵਿਧਾ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਉਤਸੁਕ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਜਦ ਚਾਹੇ ਉਨ੍ਹਾਂ ਦੇ ਦਫ਼ਤਰ ਵਿੱਚ ਆਨਲਾਈਨ ਫਾਰਮ ਭਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਪਣੀ ਚਿਰੋਕਣੀ ਹਸਰਤ ਪੂਰੀ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਦੀਆਂ ਇੱਛੁਕ ਸੰਗਤਾਂ ਆਪਣਾ ਪਾਸਪੋਰਟ, ਆਧਾਰ ਕਾਰਡ, ਪੈਨ ਕਾਰਡ, ਫੋਟੋ, ਬਲੱਡ ਗਰੁੱਪ, (ਸਪਾਉਸ ਦਾ ਪਾਸਪੋਰਟ) ਆਪਣੇ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਉਨ੍ਹਾਂ ਦੇ ਦਫ਼ਤਰ ਦੇ ਨੰਬਰ 01636-502008 ਤੇ ਸੰਪਰਕ ਕੀਤਾ ਜਾ ਸਕਦਾ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ