ਸੂਬਾ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਦੇ ਸਤਿਕਾਰ ਵਿੱਚ 16-30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜਾ’ ਮਨਾਏਗੀ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ
ਚੰਡੀਗੜ੍ਹ, 15 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿੱਚ 16 ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜੇ’ ਦੇ ਰੂਪ ਵਿੱਚ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਮਨਾਉਣ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਦਾ ਸੰਦੇਸ਼ ਵਿਸ਼ਵ ਭਰ ਵਿੱਚ ਫੈਲਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 300 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਾਨਣ ਮੁਨਾਰਾ ਬਣੀਆਂ ਹੋਇਆ ਹਨ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੋਹ ਦੇ ਮਹੀਨੇ ਦੌਰਾਨ ਇਸ ਵੈਰਾਗਮਈ ਅਤੇ ਪਵਿੱਤਰ ਮੌਕੇ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ ਜੋ ਸ਼ਹਾਦਤ ਦੇਣ ਵਾਲੀਆਂ ਮਹਾਨ ਰੂਹਾਂ ਪ੍ਰਤੀ ਸੋਗ ਨੂੰ ਸਮਰਪਿਤ ਹੈ।ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਸੈਮੀਨਾਰ, ਵਿਚਾਰ-ਵਟਾਂਦਰਾ ਅਤੇ ਪ੍ਰਦਰਸ਼ਨੀਆਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏਗੀ ਤਾਂ ਕਿ ਗੁਰੂ ਸਾਹਿਬ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦਾ ਸੰਦੇਸ਼ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਨਿਮਾਣਾ ਜਿਹਾ ਯਤਨ ਦੱਸਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਜੀ ਦੇ ਮਹਾਨ ਜੀਵਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਸਿਧਾਂਤਾਂ ਦੀ ਪਾਲਣਾ ਕਰਨ ਲਈ ਕਿਹਾ ਜਿਨ੍ਹਾਂ ਖਾਤਰ ਗੁਰੂ ਸਾਹਿਬਾਨ ਆਪਣਾ ਸਮੁੱਚਾ ਜੀਵਨ ਬਤੀਤ ਕਰਦਿਆਂ ਜੋਤੀ ਜੋਤਿ ਸਮਾ ਗਏ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ