ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ 101 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ: ਬੀ ਕੇ ਉੱਪਲ,ਸਾਲ 2019 ਦੌਰਾਨ 165 ਅਪਰਾਧੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 1 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼): ਸਮਾਜ ‘ਚੋਂ ਭਿ੍ਰਸ਼ਟਾਚਾਰ ਖ਼ਤਮ ਕਰਨ ਲਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਇੱਕ ਹੋਰ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਸਾਲ 2019 ਦੌਰਾਨ 101,64,82,194  ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਚਾਰ ਵੱਖ ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀਆਂ ਨਾਜਾਇਜ ਜਾਇਦਾਦਾਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ, ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਲਈ ਕੜਾ ਰੁੱਖ ਅਪਣਾਉਂਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਿਊਰੋ ਨੇ ਬਹੁ-ਪੱਖੀ ਪਹੁੰਚ ਅਖਤਿਆਰ ਕੀਤੀ ਹੈ।ਇੰਜੀਨੀਅਰਿੰਗ ਅਤੇ ਵਿਕਾਸ ਪ੍ਰਾਜੈਕਟਾਂ ਵਿੱਚ ਭਿ੍ਰਸ਼ਟਾਚਾਰ ਨੂੰ ਰੋਕਣ ਲਈ, ਉਹਨਾਂ ਕਿਹਾ ਕਿ ਬਿਊਰੋ ਵਲੋਂ ਲੋਕਾਂ ਨੂੰ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਇੱਕ ‘ਸੋਸ਼ਲ ਆਡਿਟ ਸਕੀਮ‘ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸਬੰਧਤ ਵਿਭਾਗਾਂ ਦੇ ਮੁੱਖ ਵਿਜੀਲੈਂਸ ਅਧਿਕਾਰੀਆਂ ਦੁਆਰਾ ‘ਸਿਟੀਜ਼ਨ ਇਨਫਾਰਮੇਸ਼ਨ ਬੋਰਡ‘ ਸਥਾਪਤ ਕੀਤੇ ਜਾਣਗੇ, ਜਿਸ ਤਹਿਤ ਪ੍ਰੋਜੈਕਟਾਂ ਬਾਰੇ ਜਾਣਕਾਰੀ ਅੰਗਰੇਜ਼ੀ ਅਤੇ ਪੰਜਾਬੀ ਵਿੱਚ ਲਿਖੀ ਜਾਵੇਗੀ ਜਿਸ ਨਾਲ ਲੋਕ ਭਿ੍ਰਸ਼ਟਾਚਾਰ ਨੂੰ ਰੋਕਣ ਵਿੱਚ ਵੀ ਆਪਣਾ ਯੋਗਦਾਨ ਪਾ ਸਕਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਦੌਰਾਨ ਵੱਖ ਵੱਖ ਵਿਭਾਗਾਂ ਦੇ 147 ਅਧਿਕਾਰੀਆਂ ਅਤੇ 18 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਹਰ ਕਿਸਮ ਦੇ ਭਿ੍ਰਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2019 ਤੱਕ 13 ਗਜ਼ਟਿਡ ਅਧਿਕਾਰੀਆਂ (ਜੀ ਓਜ਼) ਅਤੇ 134 ਨਾਨ-ਗਜ਼ਟਿਡ ਅਧਿਕਾਰੀਆਂ (ਐਨ.ਜੀ.ਓ.) ਨੂੰ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਚੀਫ ਨੇ ਦੱਸਿਆ ਕਿ ਇਸ ਸਾਲ ਦੌਰਾਨ, ਹੋਰ ਵਿਭਾਗਾਂ ਤੋਂ ਇਲਾਵਾ, ਪੰਜਾਬ ਪੁਲਿਸ ਦੇ 63 ਮੁਲਾਜ਼ਮਾਂ, ਮਾਲ ਵਿਭਾਗ ਦੇ 28, ਬਿਜਲੀ ਦੇ 13, ਪੰਚਾਇਤਾਂ ਅਤੇ ਪੇਂਡੂ ਵਿਕਾਸ ਦੇ 3, ਸਿਹਤ ਵਿਭਾਗ ਦੇ 7, ਸਥਾਨਕ ਸੰਸਥਾਵਾਂ ਦੇ 6, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ 3, ਆਬਕਾਰੀ ਅਤੇ ਕਰ ਦੇ 4 ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 5 ਕਰਮਚਾਰੀਆਂ ਨੂੰ ਭਿ੍ਰਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਵਿਚ ਰਿਸ਼ਵਤ ਦੀ ਮੰਗ ਕਰਦਿਆਂ ਅਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।ਕੁੱਝ ਪ੍ਰਮੁੱਖ ਮਾਮਲਿਆਂ ਦਾ ਵੇਰਵਾ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਇਸ ਸਾਲ ਦੌਰਾਨ ਜੰਗਲਾਤ ਕੰਜ਼ਰਵੇਟਰ ਹਰਸ਼ ਕੁਮਾਰ ਅਤੇ ਅਜੇ ਪਲਟਾ, ਡਾਇਰੈਕਟਰ, ਪਲਟਾ ਇੰਜੀਨੀਅਰਿੰਗ ਵਰਕਸ, ਏ.ਈ.ਟੀ.ਸੀ.-ਕਮ-ਸਹਾਇਕ ਕਮਿਸ਼ਨਰ ਹਰਮੀਤ ਸਿੰਘ, ਈ.ਟੀ.ਓ. ਅਮਰਦੀਪ ਸਿੰਘ ਨੰਦਾ, ਅਸਟੇਟ ਅਫਸਰ ਅਲੀ ਹਸਨ, ਇੰਸਪੈਕਟਰ ਆਬਕਾਰੀ ਦੀਪੇਂਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਅਜੀਤ ਪਾਲ ਸਿੰਘ ਬਰਾੜ, ਖੇਤੀਬਾੜੀ ਵਿਕਾਸ ਅਫ਼ਸਰ ਜਸਕੰਵਲ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਲਖਬੀਰ ਸਿੰਘ ਅਤੇ ਡਾ. ਰਾਜ ਕੁਮਾਰ ਨੂੰ ਗਿ੍ਰਫਤਾਰ ਕੀਤਾ ਗਿਆ।ਬਿਊਰੋ ਦੀ ਕਾਰਜ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ 57 ਦੋਸ਼ੀਆਂ ਖਿਲਾਫ 27 ਅਪਰਾਧਿਕ ਕੇਸ ਦਰਜ ਕੀਤੇ ਜਿਨ੍ਹਾਂ ਵਿੱਚ 7 ਜੀ ਓਜ਼, 24 ਐਨ.ਜੀ.ਓਜ਼ ਅਤੇ 26 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 13 ਜੀ.ਓਜ਼., 22 ਐਨ.ਜੀ.ਓਜ਼. ਅਤੇ 6 ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 42 ਵਿਜੀਲੈਂਸ ਇਨਕੁਆਇਰਜ਼ ਵੀ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਕ ਗਜ਼ਟਿਡ ਅਫ਼ਸਰ ਅਤੇ 2 ਨਾਨ-ਗਜ਼ਟਿਡ ਅਫ਼ਸਰਾਂ ਵਿਰੁੱਧ ਨਾਜਾਇਜ ਜਾਇਦਾਦ ਦੇ 3 ਕੇਸ ਵੀ ਦਰਜ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਮੁੱਖੀ ਨੇ ਅੱਗੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਵੱਖ ਵੱਖ ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ 6 ਐਨ.ਜੀਓ. ਨੂੰ ਉਨ੍ਹਾਂ ਦੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੇ ਉਨ੍ਹਾਂ ਦੀਆਂ ਸੇਵਾਵਾਂ ਤੋਂ ਖਾਰਜ ਕਰ ਦਿੱਤਾ ਹੈ। ਉਹਨਾਂ ਅੱਗੇ ਦੱਸਿਆ ਕਿ ਬਿਊਰੋ ਇਸ ਸਾਲ  ਦੌਰਾਨ 50 ਵਿਜੀਲੈਂਸ ਇਨਕੁਆਇਰਜ਼ ਨਾਲ ਨਜਿੱਠਣ ਦੇ ਯੋਗ ਰਿਹਾ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਦੇ ਤਰੀਕਿਆਂ ਦੀ ਪਛਾਣ ਲਈ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼/ਸੁਝਾਅ ਵੀ ਜਾਰੀ ਕੀਤੇ ਹਨ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸ੍ਰੀ ਬੀ.ਕੇ.ਉੱਪਲ ਨੇ ਕਿਹਾ ਕਿ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਭਿ੍ਰਸ਼ਟਾਚਾਰ ਰੋਕੂ ਐਕਟ ਅਧੀਨ 29 ਮਾਮਲਿਆਂ ਵਿੱਚ 42 ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ ਜਿਸ ਵਿੱਚ 5 ਜੀ.ਓਜ਼, 31 ਐਨ.ਜੀ.ਓਜ਼ ਅਤੇ 6 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ ਅਤੇ ਅਪਰਾਧੀਆਂ ਨੂੰ ਛੇ ਮਹੀਨੇ ਤੋਂ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਹਨਾਂ ਅੱਗੇ ਕਿਹਾ ਕਿ ਹੇਠਲੀ ਅਦਾਲਤ ਨੇ 1000 ਰੁਪਏ ਤੋਂ 2,30,000 ਰੁਪਏ ਤੱਕ ਦੇ ਜ਼ੁਰਮਾਨੇ ਲਗਾਏ ਹਨ ਜਿਸ ਨਾਲ 14,96,500 ਰੁਪਏ ਇੱਕਠੇ ਕੀਤੇ ਗਏ।ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ, ਵਿਜੀਲੈਂਸ ਬਿਊਰੋ ਨੇ ਸਫਲਤਾਪੂਰਵਕ ਇੱਕ ਮੁਹਿੰਮ ਚਲਾਈ ਜਿਸ ਦੌਰਾਨ ਸਮਾਜ ਵਿੱਚੋਂ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਸ਼ਹਿਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਏਕਤਾ ਅਤੇ ਅਖੰਡਤਾ ਦੀ ਸਹੁੰ ਵੀ ਚੁੱਕਾਈ ਗਈ। ਉਹਨਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 2 ਵਿਦਿਆਰਥੀਆਂ ਸਮੇਤ 24 ਭਿ੍ਰਸ਼ਟਾਚਾਰ ਤੋਂ ਪਰਦਾ  ਚੁੱਕਣ ਵਾਲਿਆਂ ਨੂੰ ਪ੍ਰਸ਼ੰਸਾ ਪੱਤਰ ਵੀ ਭੇਜੇ ਹਨ।