ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਲਿਆਂਦੀ : ਵਿਧਾਇਕ ਡਾ: ਹਰਜੋਤ ਕਮਲ
ਮੋਗਾ,31 ਜਨਵਰੀ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦਾ ਆਖਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਿਸ਼ਨ ਕੁਮਾਰ ਦੀ ਸਮੁੱਚੀ ਟੀਮ ਵੱਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦਰੁੱਸਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ । ਡਾ. ਹਰਜੋਤ ਕਮਲ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਸੱਤਾ ਵਿਚ ਆਉਣ ’ਤੇ ਪੰਜਾਬ ਵਿਚ ਚੰਗੀ ਸਿਹਤ ਸਹੂਲਤ ਅਤੇ ਮਿਆਰੀ ਸਿੱਖਿਆ ਲਈ ਨਿੱਠ ਕੇ ਕੰਮ ਕਰਨਗੇ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਉਹਨਾਂ ਨੇ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ।ਡਾ: ਕਮਲ ਨੇ ਆਖਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਸਕੂਲ ਲਗਾਤਾਰ ਸਮਾਰਟ ਸਕੂਲਾਂ ਵਿਚ ਤਬਦੀਲ ਹੋ ਰਹੇ ਹਨ ਅਤੇ ਉਹਨਾਂ ਵਿਚ ਨਿੱਜੀ ਸਕੂਲਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਕੁੱਲ 357 ਸਰਕਾਰੀ ਸਕੂਲ ਹਨ ਜਿਹਨਾਂ ਵਿਚੋਂ 75 ਪ੍ਰਤੀਸ਼ਤ ਸਮਾਰਟ ਸਕੂਲਾਂ ਵਿਚ ਤਬਦੀਲ ਹੋ ਚੁੱਕੇ ਹਨ ਅਤੇ ਬਾਕੀਆਂ ਨੂੰ ਵੀ ਇਸੇ ਤਰਜ਼ ’ਤੇ ਛੇਤੀ ਹੀ ਸਮਾਰਟ ਸਕੂਲਾਂ ਵਿਚ ਬਦਲਣ ਦਾ ਕੰਮ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਣ ਵਿਚ ਆ ਰਿਹਾ ਸੀ ਕਿ ਆਮ ਲੋਕ ਆਪਣੇ ਬੱਚਿਆਂ ਨੂੰ ਢਾਈ ਤਿੰਨ ਸਾਲ ਦੀ ਉਮਰ ਵਿਚ ਪ੍ਰਾਈਵੇਟ ਸਕੂਲਾਂ ਵਿਚ ਦਾਖਲ ਕਰਵਾ ਦਿੰਦੇ ਸਨ ਕਿਉਂਕਿ ਸਰਕਾਰੀ ਸਕੂਲਾਂ ਵਿਚ ਦਾਖਲੇ ਦੀ ਉਮਰ ਹੱਦ 6 ਸਾਲ ਸੀ ਜਿਸ ਕਾਰਨ ਉਸ ਤੋਂ ਬਾਅਦ ਉਹਨਾਂ ਵਿਚ ਮੁੜ ਤੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦਾ ਰੁਝਾਨ ਘੱਟ ਰਿਹਾ ਸੀ ਜਿਸ ਨੂੰ ਦਰੱੁਸਤ ਕਰਨ ਲਈ ਪੰਜਾਬ ਸਰਕਾਰ ਨੇ ਨਵੰਬਰ 2018 ਤੋਂ ਆਂਗਣਵਾੜੀ ਸੈਂਟਰਾਂ ਨੂੰ ਪ੍ਰੀ ਨਰਸਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਜਿਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਇਸ ਨਵੀਂ ਨੀਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3 ਲੱਖ ਤੋਂ ਵੱਧ ਬੱਚਿਆਂ ਦੀ ਆਮਦ ਹੋਈ ਹੈ। ਉਹਨਾਂ ਕਿਹਾ ਇਕੱਲੇ ਮੋਗੇ ਵਿਚ 20 ਹਜ਼ਾਰ ਬੱਚਾ ਪ੍ਰੀ ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਦਾਖਲ ਹੋਇਆ ਜੋ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 19 ਹਜ਼ਾਰ ਸਕੂਲਾਂ ਵਿਚ ਪ੍ਰੋਜੈਕਟਰਜ਼ ਦਿੱਤੇ ਗਏ ਨੇ ਜਦਕਿ 55 ਹਜ਼ਾਰ ਐੱਲ ਈ ਡੀਜ਼ ਦਿੱਤੀਆਂ ਗਈਆਂ ਨੇ ਅਤੇ ਇਕੱਲੇ ਮੋਗੇ ‘ਚ 1 ਹਜ਼ਾਰ ਐੱਲ ਈ ਡੀਜ਼ ਲਗਾਈਆਂ ਜਾ ਚੁੱਕੀਆਂ ਹਨ ਅਤੇ ਇਹਨਾਂ ਸਕੂਲਾਂ ਵਿਚ ਈ ਕੰਟੈਂਟ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਆਧੁਨੀਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ 31 ਮਾਰਚ 2020 ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚੇ ਮੁਕਾਬਲੇ ਦੇ ਯੁੱਗ ਵਿਚ ਸਮੇਂ ਦੇ ਹਾਣੀ ਬਣ ਸਕਣਗੇ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।