ਡਰੋਲੀ ਭਾਈ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ,ਸੰਤ ਬਾਬਾ ਚਰਨ ਸਿੰਘ ਜੀ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦਾ ਸਨਮਾਨ ਹੋਇਆ

ਮੋਗਾ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸੱਤਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਇਆ ਗਿਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੁਆ ਤੇ ਦਵਾ ਸੰਸਥਾਨ ਵੱਲੋਂ "ਵੀਹਵੀਂ ਸਦੀ ਦੇ ਮਹਾਨ ਸ਼ਹੀਦ" ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਲੇ ਮਹਾਂਪੁਰਸ਼ਾਂ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ ਦੇਖ ਰੇਖ ਹੇਠ ਹੋਏ ਇਸ ਗੁਰਮਤਿ ਸਮਾਗਮ 'ਚ ਭਾਈ ਜਗਰੂਪ ਸਿੰਘ, ਭਾਈ ਮੇਹਰ ਸਿੰਘ, ਭਾਈ ਮਲਕੀਤ ਸਿੰਘ ਦੇ ਜਥਿਆਂ ਵੱਲੋਂ ਰਾਗ ਅਧਾਰਿਤ ਗੁਰਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ, ਭਾਈ ਪਿਆਰਾ ਸਿੰਘ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸੁੱਚਾ ਸਿੰਘ ਡੇਰਾ ਪਠਾਣਾ ਦੇ ਕਵੀਸ਼ਰੀ ਜਥੇ ਵੱਲੋਂ ਇਤਿਹਾਸਕ ਵਿਚਾਰਾਂ ਤੇ ਕਵੀਸ਼ਰੀ ਵਾਰਾਂ ਸ੍ਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸੇ ਦੌਰਾਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੁਆ ਤੇ ਦਵਾ ਸੰਸਥਾਨ ਵੱਲੋਂ ਲਗਾਏ ਗਏ 7 ਰੋਜਾ ਮੁਫ਼ਤ ਡਾਕਟਰੀ ਕੈਂਪ 'ਚ ਨਿਪੁੰਨ ਡਾਕਟਰੀ ਟੀਮਾਂ ਵੱਲੋਂ 7300 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫ਼ਤ ਦਵਾਈਆਂ ਦੀ ਸੇਵਾ ਕੀਤੀ ਗਈ। ਅਖੀਰ 'ਚ ਹੋਏ ਵਿਸ਼ੇਸ਼ ਸਨਮਾਨ ਸਮਾਰੋਹ 'ਚ ਉਪਰੋਕਤ ਵਿਦਵਾਨਾਂ ਤੋਂ ਇਲਾਵਾ ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਲੇ ਤੇ ਸੇਵਾਦਾਰਾਂ ਦੇ ਕੇਸਾਂ ਦੀ ਨਿਸ਼ਕਾਮ ਪੈਰਵਾਈ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਵਕੀਲ ਸਾਹਿਬਾਨ ਬੈਰਿਸਟਰ ਸਤਨਾਮ ਸਿੰਘ ਬੈਂਸ ਇੰਗਲੈਂਡ, ਐਡਵੋਕੇਟ ਸਰਬਜੀਤ ਸਿੰਘ ਵੇਰਕਾ, ਐਡਵੋਕੇਟ ਜਗਜੀਤ ਸਿੰਘ ਬਾਜਵਾ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹਾਂ, ਲੋਈ ਤੇ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ।