ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਗ੍ਰਿਫਤਾਰ,ਇਕ ਹੋਰ ਏਐਸਆਈ ਅਤੇ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ

ਚੰਡੀਗੜ, 5 ਫਰਵਰੀ:ਸਟੇਟ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਦੋਂਕਿ ਇਸੇ ਕੇਸ ਵਿੱਚ ਇਕ ਹੋਰ ਏਐਸਆਈ ਸਮੇਤ ਪ੍ਰਾਪਰਟੀ ਡੀਲਰ ਉੱਤੇ ਮਾਮਲਾ ਦਰਜ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ -1, ਜਲੰਧਰ ਸ਼ਹਿਰ ਵਿੱਚ ਤਾਇਨਾਤ ਏ.ਐਸ.ਆਈ. ਸਤਪਾਲ ਨੂੰ ਰਿਸ਼ਵਤ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਚੋਲੇ ਵਜੋਂ ਕੰਮ ਕਰ ਰਹੇ ਕੰਟਰੋਲ ਰੂਮ ਜਲੰਧਰ ਵਿੱਚ ਤਾਇਨਾਤ ਏ.ਐਸ.ਆਈ ਸੁਰਿੰਦਰ ਕੁਮਾਰ ਅਤੇ ਇੱਕ ਪ੍ਰਾਪਰਟੀ ਡੀਲਰ ਲਖਵਿੰਦਰ ਸਿੰਘ 'ਤੇ ਵੀ ਮਕਸੂਦਾਂ, ਜਲੰਧਰ ਦੇ ਸੁਮਿਤ ਵਧਵਾ ਦੀ ਸ਼ਿਕਾਇਤ' ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਕਿ ਉਕਤ ਏ.ਐਸ.ਆਈ ਇਕ ਹੋਰ ਧਿਰ ਨਾਲ ਰਾਜੀਨਾਮਾ ਕਰਾਉਣ ਲਈ 2,50,000 ਦੀ ਮੰਗ ਕਰ ਰਿਹਾ ਸੀ, ਜੋ ਉਸਨੂੰ ਉਸਦੇ ਹੀ ਖਰੀਦੇ ਘਰ ਤੋਂ ਬਾਹਰ ਕੱਢਣਾ ਚਾਹੁੰਦੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਹੈ ਕਿ ਕੇਸ ਸੁਲਝਾਉਣ ਲਈ ਉਸਨੇ ਵਿਚੋਲੇ ਬਣੇ ਏ.ਐਸ.ਆਈ ਸੁਰਿੰਦਰ ਕੁਮਾਰ ਅਤੇ ਲਖਵਿੰਦਰ ਸਿੰਘ ਨੂੰ ਪਹਿਲਾਂ ਹੀ ਦੋ ਕਿਸ਼ਤਾਂ ਵਿਚ ਰਿਸ਼ਵਤ ਵਜੋਂ ਦੋ ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਸੀ। ਉਸਨੇ ਦੋਸ਼ ਲਾਇਆ ਕਿ ਇਸ ਸ਼ਿਕਾਇਤ ਦਾ ਨਿਪਟਾਰੇ ਲਈ ਮੁਲਜ਼ਮ 20,000 ਰੁਪਏ ਹੋਰ ਦੇਣ ਦੀ ਮੰਗ ਕਰ ਰਿਹਾ ਸੀ।  ਸੂਚਨਾ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਸਤਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।