ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਮੰਜੂ ਦੀਲੇਰ ਨੇ ਸਫਾਈ ਸੇਵਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮੋਗਾ 20 ਫਰਵਰੀ (ਜਸ਼ਨ):ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਮੰਜੂ ਦੀਲੇਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਮੋਗਾ ਅਤੇ ਸਬੰਧਤ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ।ਸ੍ਰੀਮਤੀ ਮੰਜੂ ਦੀਲੇਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਸਫ਼ਾਈ ਕਾਮਿਆਂ ਦੀ ਸਮੇਂ ਸਮੇਂ ਸਿਹਤ ਜਾਂਚ ਕਰਵਾਉਣ ਲਈ ਨਗਰ ਨਿਗਰ ਅਤੇ ਨਗਰ ਕੋਸ਼ਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨਾਂ ਹੋਰਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਕੱਚੇ ਸਫ਼ਾਈ ਕਾਮਿਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ 12 ਰੁਪਏ ਵਾਲਾ ਬੀਮਾ, 330 ਰੁਪਏ ਵਾਲਾ ਬੀਮਾ, ਮੁਦਰਾ ਬੈਕ, ਲੇਬਰ ਵਿਭਾਗ ਅਤੇ ਸਮਾਜਿਕ ਭਲਾਈ ਵਿਭਾਗ ਦੀਆਂ ਵੱਖ ਵੱਖ ਭਲਾਈ ਸਕੀਮਾਂ ਲਈ ਜਾਗਰੂਕਤਾ ਕੈਪ, ਲਗਾਏ ਜਾਣ ਤਾਂ ਕਿ ਸਫਾਈ ਕ੍ਰਮਚਾਰੀ ਇਨ੍ਹਾਂ ਸਕੀਮਾਂ ਦਾ ਵੱਧ ਤੋ ਵੱਧ ਲਾਭ ਉਠਾ ਸਕਣ। ਉਨਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਰਤੀ ਕਾਮਿਆਂ ਅਤੇ ਮਜ਼ਦੂਰਾਂ ਲਈ ਸਰਕਾਰ ਵੱਲੋ ਚਲਾਈਆਂ ਯੋਜਨਾਵਾਂ ਬਾਰੇ ਮੁਹੱਲਾ ਸੈਨੀਟੇਸ਼ਨ ਕਮੇਟੀਆ, ਸਫ਼ਾਈ ਸੇਵਕਾਂ ਤੱਕ ਪਹੁੰਚ ਕਰਕੇ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਘਰਾਂ ਤੋ ਵਾਂਝੇ ਕੱਚੇ ਸਫ਼ਾਈ ਸੇਵਕਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਯੋਗ ਕਾਰਵਾਈ ਆਰੰਭੀ ਜਾਵੇ।ਸ੍ਰੀਮਤੀ ਦੀਲੇਰ ਨੇ ਸਮੂਹ ਕਾਰਜ਼ ਸਾਧਕਾਂ ਅਫ਼ਸਰਾਂ ਤੋਂ ਸਫਾਈ ਕਾਮਿਆਂ ਨੂੰ ਤਨਖਾਹ ਸਮੇਂ ਨਾਲ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ। ਉਨਾਂ ਕਿਹਾ ਕਿ ਸਫ਼ਾਈ ਕਾਮਿਆਂ ਨੂੰ ਯੋਗ ਪ੍ਰਣਾਲੀ ਰਾਹੀ ਬੈਂਕ ਦੁਆਰਾ ਹੀ ਤਨਖਾਹ ਮੁਹੱਈਆ ਕਰਵਾਈ ਜਾਵੇ। ਉਨਾਂ ਸਫਾਈ ਸੇਵਕਾਂ ਦੀ ਕੀਤੀ ਜਾ ਰਹੀ ਪੀ.ਐਫ. ਕਟੌਤੀ ਬਾਰੇ ਵੀ ਜਾਣਕਾਰੀ ਲੈਂਦਿਆਂ ਸਮਾਂਬੱਧ ਢੰਗ ਨਾਲ ਐਂਟਰੀ ਦਾ ਮੁਲਾਂਕਣ ਕਰਨ ਅਤੇ ਦਰਜ਼ ਕਰਨ ਦੀ ਹਦਾਇਤ ਕੀਤੀ। ਉਨਾਂ ਸਫਾਈ ਸੇਵਕਾਂ ਨੂੰ ਗਲੱਵਜ਼ ਅਤੇ ਮਾਸਕ ਪਾ ਕੇ ਹੀ ਸਫਾਈ ਕਰਨ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਕਿਸੇ ਗੰਭੀਰ ਬਿਮਾਰੀ ਦਾ ਸਾਮਣਾ ਨਾ ਕਰਨਾ ਪਵੇ। ਉਨਾਂ ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਸਫਾਈ ਸੇਵਕਾਂ ਨੂੰ ਸਮੇਂ-ਸਮੇਂ ‘ਤੇ ਸੇਫਟੀ ਕਿੱਟ ਮੁਹੱਈਆ ਕਰਵਾਈਆਂ ਜਾਣ। ਉਨਾਂ ਐਸ.ਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਫ਼ਾਈ ਕਾਮਿਆਂ ਨੂੰ ਰਾਜ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਨਿਰਦੇਸ਼ ਜਾਰੀ ਕੀਤੇੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਊਟਸੋਰਸਿੰਗ ਸਫ਼ਾਈ ਕਾਮਿਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਦਾ ਲਾਭ ਦੇਣ ਲਈ ਆਖਿਆ।ਉਨਾਂ ਸਫ਼ਾਈ ਕਾਮਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਹੋਣ ‘ਤੇ ਉਨਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਭਰੋਸਾ ਦਿਵਾਇਆ ਕਿ ਜ਼ਿਲੇ ‘ਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਉਨਾਂ ਨੂੰ ਕਿਸੇ ਵੀ ਨਗਰ ਕੌਂਸਲ ਜਾਂ ਨਗਰ ਨਿਗਮ ਵਿੱਚ, ਕੋਈ ਵੀ ਮੁਸ਼ਕਿਲ ਨਹੀਂ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਅਯੋਗ ਦੀਆਂ ਹਦਾਇਤਾਂ ਦੀ ਜ਼ਿਲੇ ਅੰਦਰ ਇੰਨ ਬਿੰਨ ਪਾਲਣਾ ਕੀਤੀ ਜਾਵੇ।ਇਸ ਮੀਟਿੰਗ ਦੌਰਾਨ ਹੋਰਨਾਂ ਤੋ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਜਸਪਾਲ ਸਿੰਘ ਔਲਖ, ਲੀਡ ਬੈਕ ਮੈਨੇਜਰ ਬਜਰੰਗੀ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਗਟ ਸਿੰਘ ਬਰਾੜ ਅਤੇ ਵੱਖ ਵੱਖ ਸਫਾਈ ਕ੍ਰਮਚਾਰੀਆਂ ਦੇ ਨੁਮਾਇੰਦੇ ਹਾਜ਼ਰ ਸਨ।


