ਬਾਬਾ ਕੁੰਦਨ ਸਿੰਘ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਲੋਕ ਕਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਮੋਗਾ 25 ਫਰਵਰੀ(ਜਸ਼ਨ): ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਪੰਜਾਬੀ ਸੱਭਿਆਚਾਰ ਦੀ ਮੁੜ ਸੁਰਜੀਤੀ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਲੋਕ ਕਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਬਾਬਾ ਕੁੰਦਨ ਸਿੰਘ ਕਾਲਜ ਵਿਖੇ ਕਰਵਾਇਆ ਗਿਆ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਮੋਗਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਮੁੜ ਸੁਰਜੀਤ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਲੋਕ ਗੀਤ, ਵਾਰ, ਲੋਕ ਕਲਾ ਗਿੱਧਾ, ਭੰਗੜਾਂ ਅਤੇ ਪੰਜਾਬੀਅਤ ਨਾਲ ਸਬੰਧਿਤ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਪੇਂਡੂ ਮੁਟਿਆਰਾਂ ਦੀ ਗਿੱਧਾ ਲੋਕ ਨਾਚ ਦੀ ਪੇਸ਼ਕਾਰੀ ਨੂੰ ਆਏ ਹੋਏ ਦਰਸ਼ਕਾਂ ਵੱਲੋਂ ਭਰਪੂਰ ਸਲਾਹਿਆ ਗਿਆ। ਇਸ ਤੋਂ ਇਲਾਵਾ ਲੋਕ ਵਾਰ ਅਤੇ ਲੋਕ ਗੀਤ ਵੰਨਗੀਆਂ ਨੇ ਵੀ ਆਪਣਾ ਰੰਗ ਖੂਬ ਬਖੇਰਿਆ। ਇਸ ਪ੍ਰੋਗਰਾਮ ਵਿੱਚ ਬਤੌਰ ਵਿਸ਼ੇਸ ਮਹਿਮਾਨ ਵਜੋਂ ਵਾਈਸ ਪਿ੍ਰੰਸੀਪਲ ਬਲਦੇਵ ਕੁਮਾਰ ਪਹੁੰਚੇ।ਉਹਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਅਮੀਰ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਵਾਲੇ ਪਾਸੇ ਨਹਿਰੂ ਯੁਵਾ ਕੇਂਦਰ ਬਹੁਤ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਚੰਗੀ ਗਾਇਕੀ ਹੀ ਲੋਕਾਂ ਨੂੰ ਸਹੀ ਸੇਧ ਦੇਣ ਵਿੱਚ ਸਹਾਇਕ ਸਿੱਧ ਹੋ ਸਕਦੀ ਹੈ। ਜ਼ਿਲ੍ਹਾਂ ਯੂਥ ਕੋਆਰਡੀਨੇਟਰ ਨੇ ਕਿਹਾ ਕਿ ਪੰਜਾਬੀ ਵਿਰਸੇ ਨੂੰ ਬਚਾਉਣਾ ਸਾਡਾ ਮੁੱਢਲਾ ਫਰਜ਼ ਹੈ। ਚੰਗਾ ਸੱਭਿਆਚਾਰ ਅਤੇ ਸਾਹਿਤ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵਾਲੇ ਪਾਸੇ ਲੈ ਕੇ ਜਾ ਸਕਦਾ ਹੈ। ਨਹਿਰੂ ਯੁਵਾ ਕੇਂਦਰ ਵੱਲੋਂ ਆਏ ਕਲਾਕਾਰ ਲੜਕੇ ਅਤੇ ਲੜਕੀਆਂ ਨੂੰ ਟ੍ਰਾਫੀਆਂ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਗਲ ਸਿੰਘ, ਸਹਾਇਕ ਪ੍ਰਦੀਪ ਰਾਏ, ਸੰਦੀਪ ਕੌਰ, ਰਾਜਵਿੰਦਰ ਕੌਰ, ਕਰਮਜੀਤ ਕੌਰ, ਲਖਦੀਪ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਬਿਪਿਨ ਕੁਮਾਰ ਆਦਿ ਹਾਜ਼ਰ ਸਨ।