ਸੁਖਬੀਰ ਸਿੰਘ ਬਾਦਲ ਨੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਵਿਖੇ ਅੰਤਿਮ ਸਸਕਾਰ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ,ਮੁੱਖ ਮੰਤਰੀ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਲਈ ਆਖਿਆ

ਚੰਡੀਗੜ੍ਹ/02 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੁੱਝ ਸਮਾਜ ਵਿਰੋਧੀ ਤੱਤਾਂ ਵੱਲੋਂ ਪੰਜਾਬ ਸਰਕਾਰ ਨੂੰ ਟਿੱਚ ਜਾਣਦਿਆਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਵਿਖੇ ਅੰਤਿਮ ਸਸਕਾਰ ਕੀਤੇ ਜਾਣ ਤੋਂ ਰੋਕਣ ਦੀ ਮੰਦਭਾਗੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।ਇਹ ਕਹਿੰਦਿਆਂ ਕਿ ਅਜਿਹੀ ਹਰਕਤ ਨਾਲ ਸਿੱਖ ਪੰਥ ਦੀ ਉੱਘੀ ਹਸਤੀ ਦੀ ਮ੍ਰਿਤਕ ਦੇਹ ਦਾ ਨਿਰਾਦਰ ਕੀਤਾ ਗਿਆ ਹੈ, ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਅੰਦਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਦੀ ਆਗਿਆ ਨਾ ਦਿੱਤੀ ਜਾਵੇ।  ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੂਰੀ ਮਨੁੱਖਤਾ ਦੇ ਖ਼ਿਲਾਫ ਹਨ ਅਤੇ ਜਲਦੀ ਹੀ ਕਾਬੂ ਤੋਂ ਬਾਹਰ ਹੋ ਸਕਦੀਆਂ ਹਨ, ਜਿਸ ਦੇ ਸਮਾਜ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਹਨਾਂ ਕਿਹਾ ਕਿ ਜਿਹਨਾਂ ਵਿਅਕਤੀਆਂ ਨੇ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਤਾਲਾ ਲਾਇਆ ਸੀ, ਉਹਨਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ  ਸਰਕਾਰ ਵੱਲੋਂ ਇੱਕ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤਾ ਜਾਵੇ ਕਿ ਕਿਸੇ ਵੀ ਕੋਵਿਡ-19 ਪੀੜਤ ਨਾਲ ਕੋਈ ਵਿਤਕਾ ਨਹੀਂ ਕੀਤਾ ਜਾਵੇਗਾ ਅਤੇ ਇਸ ਤਰੀਕੇ ਨਾਲ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਰੋਕਿਆ ਨਹੀਂ ਜਾਵੇਗਾ।