ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫੈਸਲਿਆਂ ਖਿਲਾਫ਼ ਆਮ ਲੋਕਾਂ ਨੂੰ ਕੀਤਾ ਲਾਮਬੰਦ

ਮੋਗਾ,21 ਸਤੰਬਰ (ਜਸ਼ਨ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਦੇਖ ਰੇਖ ਵਿਚ ਵੱਖ ਵੱਖ ਪਿੰਡਾਂ ਵਿਚ ਆਮ ਲੋਕਾਂ ਨੇ ਕੇਂਦਰ ਦੇ ਇਸ ਲੋਕ ਮਾਰੂ ਫੈਸਲੇ ਖਿਲਾਫ਼ ਪ੍ਰਦਰਸ਼ਨ ਕੀਤੇ । ਪਿੰਡ ਤਲਵੰਡੀ ਭੰਗੇਰੀਆਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਬੇਸ਼ੱਕ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ ਪਰ ਆਮ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਕਾਲੇ ਕਾਨੂੰਨ ਸਮੁੱਚੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦੇਣਗੇ ਇਸ ਕਰਕੇ ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਕਿਸਾਨ ,ਮਜ਼ਦੂਰ ,ਆੜ੍ਹਤੀਏ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਕੇਂਦਰ ਦੇ ਲੋਕ ਮਾਰੂ ਕਾਨੂੰਨਾਂ ਦੀ ਵਿਰੋਧਤਾ ਕਰਨੀ ਚਾਹੀਦੀ ਹੈ ਤਾਂ ਕਿ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇ।