ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਸਦਕਾ ਗਰਾਮ ਸਭਾਵਾਂ ਨੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮਤੇ ਪਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਕੀਤਾ ਐਲਾਨੇ ਜੰਗ

ਮੋਗਾ,24 ਸਤੰਬਰ (ਜਸ਼ਨ) :   ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਦੇ ਸੱਦੇ ’ਤੇ ਵੱਖ ਵੱਖ ਪਿੰਡਾਂ ਦੀਆਂ ਗਰਾਮ ਸਭਾਵਾਂ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮਤੇ ਪਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਐਲਾਨੇ ਜੰਗ ਕਰ ਦਿੱਤਾ ਗਿਆ ਹੈ। ਇਨਾਂ ਮਤਿਆਂ ਰਾਹੀਂ ਗਰਾਮ ਸਭਾਵਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਵੱਲੋਂ ਰਾਜ ਸਭਾ ਅਤੇ ਲੋਕ ਸਭਾ ‘ਚ ਪਾਸ ਕਰਵਾਏ ਗਏ ਪੰਜਾਬ ਮਾਰੂ ਕਾਲੇ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਅੱਜ ਮੋਗਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ,ਆੜ੍ਹਤੀਆਂ ਅਤੇ ਮਜ਼ਦੂਰ ਮਾਰੂ ਆਰਡੀਨੈਂਸ ਲਿਆਂਦੇ ਜਾਣ ਦੇ ਸਮੇਂ ਤੋਂ ਹੀ ਉਹਨਾਂ ਨੇ ਨਿਰੰਤਰ ਮੋਗਾ ਹਲਕੇ ਦੇ ਪਿੰਡਾਂ ਦੇ ਨੁਮਾਇੰਦਿਆਂ ਅਤੇ ਮੋਹਤਬਰਾਂ ਨਾਲ ਫ਼ੋਨ ’ਤੇ ਅਤੇ ਵਟਸਐਪ ਗਰੁੱਪਾਂ ਰਾਹੀਂ ਰਾਬਤਾ ਬਣਾਈ ਰੱਖਿਆ ਅਤੇ ਕਾਲੇ ਬਿੱਲਾਂ ਖਿਲਾਫ਼ ਸੰਘਰਸ਼ ਲਈ ਜ਼ਮੀਨ ਤਿਆਰ ਕਰਨ ਦੀ ਸਫ਼ਲ ਕੋਸ਼ਿਸ ਕੀਤੀ। ਉਹਨਾਂ ਆਖਿਆ ਕਿ ਉਹਨਾਂ ਦੀਆਂ ਇਨਾਂ ਕੋਸ਼ਿਸਾਂ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮਤੇ ਪਾਉਣ ਵਾਸਤੇ ਗਰਾਮ ਸਭਾਵਾਂ ਬੁਲਾਉਣ ਦੀਆਂ ਤਿਆਰੀਆਂ ਨਿੱਤ ਦਿਨ ਚੱਲ ਰਹੀਆਂ ਹਨ। ਉਹਨਾਂ ਆਖਿਆ ਕਿ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਆਖਿਆ ਸੀ ਕਿ ਉਹ ਕਾਂਗਰਸੀ ਬਾਅਦ ਵਿਚ ਹਨ ਪਰ ਪੰਜਾਬੀ ਪਹਿਲਾਂ, ਇਸ ਕਰਕੇ ਪੰਜਾਬ ਨੂੰ ਨੇਸਤੋ ਨਬੂਦ ਕਰਨ ਦੀਆਂ ਹਰਕਤਾਂ ਕਰਨ ਵਾਲੇ ਹਰ ਵਿਅਕਤੀ ਖਿਲਾਫ਼ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਜੰਗ ਲੜਨ ਦੀ ਲੋੜ ਹੈ ਅਤੇ ਇਹ  ਖੁਸ਼ੀ ਦੀ ਗੱਲ ਹੈ ਕਿ ਉਹਨਾਂ ਦੀ ਇਸੇ ਭਾਵਨਾ ਤਹਿਤ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਵੀ ਗਰਾਮ ਸਭਾਵਾਂ ਰਾਹੀਂ ਅਜਿਹੇ ਮਤੇ ਪਾਉਣ ਦੀ ਕਾਂਗਰਸ ਪਾਰਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਨਾਲ ਜੁੜਨ ਦਾ ਐਲਾਨ ਕੀਤਾ ਹੈ। ਵਿਧਾਇਕ ਡਾ: ਹਰਜੋਤ ਨੇ   'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀ ਪੱਧਰ ’ਤੋਂ ਉੱਪਰ ਉੱਠ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੈਦਾਨੇ ਜੰਗ ਵਿਚ ਆਉਣ ਦੀ ਅਪੀਲ ਕੀਤੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ