ਡੇਂਗੂ ਤੋਂ ਬਚਾਅ ਲਈ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ: ਡਾ: ਨੀਲਮ ਭਾਟੀਆ

ਅਜੀਤਵਾਲ, 11 ਅਕਤੂਬਰ (ਜਸ਼ਨ): ਸੀ.ਐਚ.ਸੀ. ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਭਾਟੀਆ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਤੌਰ ਤੇ ਕਰਨੀ ਚਾਹੀਦੀ ਹੈ। ਬਲਾਕ ਢੁੱਡੀਕੇ ਵਿੱਚ ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਵਿਭਾਗ ਵੱਲੋਂ ਕੀਤੇ ਜਾਂਦੇ ਕੰਮਾਂ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਕਿਹਾ ਕਰੋਨਾ ਮਹਾਂਮਾਰੀ ਵਾਂਗ ਹੀ ਡੇਂਗੂ ਨੂੰ ਵੀ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਇਸ ਤੋਂ ਬਚਾਅ ਰੱਖਣਾ ਜਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਵਿੱਚ ਮੱਛਰ ਪੈਦਾ ਹੋਣ ਤੋਂ ਬਚਾਅ ਰੱਖਣ ਲਈ ਸਫਾਈ ਅਤੇ ਪਾਣੀ ਨੂੰ ਢਕ ਕੇ ਰੱਖਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਿੱਥੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਰੱਖਣ ਵਾਲੇ ਤਰੀਕਿਆਂ ਤੋਂ ਜਾਣੂ ਕਰਵਾ ਰਹੀਆਂ ਹਨ, ਉੱਥੇ ਹੀ ਪਿੰਡਾਂ ਵਿੱਚ ਸਪਰੇਅ ਦੀ ਮੁਹਿੰਮ ਵੀ ਜੋਰਾਂ ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਬੋਲਦਿਆਂ ਫਾਰਮੇਸੀ ਅਫ਼ਸਰ ਰਾਜ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਹਿਨੇ ਜਾਣ ਜਿੰਨਾਂ ਨਾਲ ਪੂਰਾ ਸਰੀਰ ਢਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਫ਼ਤੇ ਤੋਂ ਵੱਧ ਕਿਤੇ ਵੀ ਪਾਣੀ ਨਾ ਖੜ੍ਹਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਣ ਦੀ ਸਥਿਤੀ ਵਿੱਚ ਸਰਕਾਰੀ ਹਸਪਤਾਲ ਤੋਂ ਆਪਣਾ ਇਲਾਜ਼ ਕਰਵਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸੁਪਰਵਾਇਜ਼ਰ ਕੁਲਬੀਰ ਸਿੰਘ, ਚਮਕੌਰ ਸਿੰਘ, ਰਣਜੀਤ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ।


