ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ,ਰਾਜਿਆਂਣਾ ਰਿਲਾਇੰਸ ਪੰਪ ਪੱਕਾ ਮੋਰਚਾ ਲਗਾਤਾਰ ਅੱਗੇ ਵਧਦਾ 17ਵੇਂ ਦਿਨ ਵਿੱਚ ਸ਼ਾਮਲ

ਬਾਘਾਪੁਰਾਣਾ 17 ਅਕਤੂਬਰ (ਰਾਜਿੰਦਰ ਸਿੰਘ ਕੋਟਲਾ)ਇਸ ਮੁੱਕੇ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਚਮਕੌਰ ਰੋਡੇ ਖੁਰਦ, ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਚੱਲ ਰਹੇ ਸੰਘਰਸ਼ਾਂ ਦੇ ਸਤਾਰਵੇਂ ਦਿਨ, 30 ਕਿਸਾਨ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ ਤੇ ਸਾਰੇ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ! ਰਲਾਇੰਸ ਪੰਪ ਰਾਜਿਆਣਾ ਚੱਲ ਰਹੇ ਪੱਕੇ ਮੋਰਚੇ ਵਿੱਚ ਕਿਸਾਨਾ ਨੇ ਜਥੇਬੰਦੀਆਂ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਅਾਰਡੀਨੈਸਾ ਖਿਲਾਫ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਬਾਘਾ ਪੁਰਾਣਾ ਚੌਕ ਦੇ ਵਿੱਚ ਜਾਕੇ ਪੁਤਲਾ ਫੂਕਿਆ ਗਿਆ। ਆਗੂਆ ਨੇ ਕਿਹਾ ਪੰਜਾਬ ਭਰ ਵਿੱਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਕਿਸਾਨ ਜਥੇਬੰਦੀਆਂ ਦੇ ਸਾਂਝੇ ਘੋਲ਼ ਦਾ ਨਿਸ਼ਾਨਾ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਜ਼ਬਰਦਸਤ ਸਿਆਸੀ ਨਿਖੇੜੇ ਦੀ ਮਾਰ ਹੇਠ ਲਿਆਉਣਾ ਹੈ ਤਾਂ ਕਿ ਉਹ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਜਾਣ। ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮਤਾ ਪਾਸ ਕਰਨ ਬਾਰੇ ਕਿਸਾਨ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਤੋਂ ਲਗਾਤਾਰ ਟਾਲਮਟੋਲ ਕਰਨ ਦੀ ਅਤੇ ਆਹਲੂਵਾਲੀਆ ਕਮੇਟੀ ਰਾਹੀਂ ਖੇਤੀ ਵਿਰੋਧੀ ਕਾਨੂੰਨਾਂ ਸਮੇਤ ਸਰਕਾਰੀ ਅਦਾਰਿਆਂ ਦੇ ਮੁਕੰਮਲ ਨਿੱਜੀਕਰਨ ਦੀ ਜ਼ੋਰਦਾਰ ਵਕਾਲਤ ਦੀ ਸਖ਼ਤ ਨਿਖੇਧੀ ਕੀਤੀ। ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਉਹਨਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਭਾਜਪਾ ਆਗੂਆਂ,ਵਿਧਾਇਕਾਂ, ਸਾਂਸਦਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ। ਇਸ ਘੋਲ ਵਿੱਚ ਖੇਤ ਮਜ਼ਦੂਰਾਂ,ਸਨਅਤੀ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ, ਡਾਕਟਰਾਂ ਅਤੇ ਲੋਕ ਪੱਖੀ ਕਲਾਕਾਰਾਂ ਸਭਨਾਂ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਵਿਸ਼ੇਸ਼ ਧੰਨਵਾਦ ਕੀਤਾ! ਇਸ ਮੁੱਕੇ ਸਿੰਦਰਪਾਲ ਕੋਰ ਰੋਡੇ ਖੁਰਦ,ਜਸਵਿੰਦਰ ਕੌਰ ਵੱਡਾ ਘਰ ਨਛੱਤਰ ਸਿੰਘ ਪ੍ਰੇਮੀ, ਸਰਜੀਤ ਕੋਟਲਾ, ਡਾ.ਬਲਦੇਵ ਸਿੰਘ ਸੇਖਾ,ਆਦਿ ਨੇ ਸੰਬੋਧਨ ਕੀਤਾ।


