ਵਿਧਾਨਸਭਾ ਸੈਸ਼ਨ ਤੋਂ ਐਨ ਪਹਿਲਾਂ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕ ਡਾ: ਹਰਜੋਤ ਕਮਲ ਤੇ ਕੁਝ ਹੋਰ ਵਿਧਾਨਕਾਰਾਂ ਨਾਲ ਖੇਤੀ ਅਤੇ ਦੂਜੇ ਬਿੱਲਾਂ ’ਤੇ ਕੀਤੀ ਵਿਚਾਰ ਚਰਚਾ

ਮੋਗਾ, 19 ਅਕਤੂਬਰ(ਜਸ਼ਨ): ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਵਿਧਾਨਸਭਾ ਸੈਸ਼ਨ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਭਾਰਤਭੂਸ਼ਣ ਆਸ਼ੂ, ਵਿਧਾਇਕ ਡਾ: ਹਰਜੋਤ ਕਮਲ ਅਤੇ ਕੁਛ ਹੋਰ ਵਿਧਾਨਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਗੰਭੀਰ ਵਿਚਾਰਾਂ ਕੀਤੀਆਂ । ਇਸ ਮੌਕੇ ਮੁੱਖ ਮੰਤਰੀ ਬੇਹੱਦ ਗੰਭੀਰਤਾ ਨਾਲ ਕਿਸਾਨ ਹਿਤਾਂ ਲਈ ਵਿਚਾਰ ਪ੍ਰਗਟਾਉਂਦੇ ਨਜ਼ਰ ਆਏ । ਉਹਨਾਂ ਮਾਲਵਾ ਖੇਤਰ ਵਿਸ਼ੇਸ਼ਕਰ ਮੋਗਾ ਅਤੇ ਆਸਪਾਸ ਦੇ ਇਲਾਕੇ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਬਾਰੇ ਵੀ ਵਿਧਾਇਕ ਡਾ: ਹਰਜੋਤ ਕਮਲ ਤੋਂ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਕੇਂਦਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਮੁੱਖ ਮੰਤਰੀ ਨੂੰ ਆਪਣੇ ਵੱਲੋਂ ਕੁਝ ਸੁਝਾਅ ਵੀ ਪੇਸ਼ ਕੀਤੇ । ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ  ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਜਾਰੀ ਹੈ ।  ਇਸ ਮੌਕੇ ਵਿਧਾਇਕ ਡਾ: ਹਰਜੋਤ  ਨੇ ਆਪਣੀ ਰਾਏ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਦੇਣਾ ਚਾਹੀਦਾ ਹੈ ਅਤੇ ਸੂਬੇ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਕਣਕ ਜਾਂ ਝੋਨਾ ਖਰੀਦਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਲੋੜੀਂਦੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਵਿਚ ਸਜ਼ਾ ਅਤੇ ਜੁਰਮਾਨੇ ਦਾ ਪ੍ਰਧਵਾਨ ਹੋਵੇ।
ਡਾ: ਹਰਜੋਤ ਨੇ ਖੇਤੀ ਕਾਨੂੰਨਾਂ ਦੇ ਮਸਲੇ ਉਤੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਵਿਰੁੱਧ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜ਼ੋਰਦਾਰ ਢੰਗ ਨਾਲ ਟਾਕਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕ ਡਾ: ਹਰਜੋਤ ਕਮਲ ਤੋਂ ਮੋਗਾ ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਦੀ ਸਥਿਤੀ ਅਤੇ ਆਮ ਲੋਕਾਂ ਵੱਲੋਂ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੇ ਜਾਣ ਸਬੰਧੀ ਵੀ ਜਾਣਕਾਰੀ ਲਈ। ਸਮਝਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਨੇ ਮੁੱਖ ਮੰਤਰੀ ਨਾਲ ਮੋਗਾ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਸਬੰਧੀ ਵੀ ਗੱਲਬਾਤ ਕੀਤੀ ਹੈ।