16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੁਲ੍ਹਣਗੀਆਂ,ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ, 5 ਨਵੰਬਰ (ਜਸ਼ਨ) : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ