ਰਿਲਾਇੰਸ ਪੰਪ ਰਾਜਿਆਣਾ ਵਿਖੇ ਮੋਦੀ ਅਤੇ ਮਨੋਹਰ ਲਾਲ ਖੱਟਰ ਦਾ ਪੁਤਲਾ ਸਾੜਿਆ

ਬਾਘਾਪੁਰਾਣਾ 26 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਕਿਸਾਨ ਮੋਰਚਾ ਰਿਲਾਇੰਸ ਪੈਟਰੌਲ ਪੰਪ ਵਿਖੇ ਮਨੋਹਰ ਲਾਲ ਖੱਟਰ ਦਾ ਪੁੱਤਲਾ ਰਾਜੇਆਣਾ ਵਿਖੇ ਫੂਕਿਆ ਅੱਜ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਦਿਲੀ ਜਾਣ ਰੋਕਣ ਦੀ ਘਿਨੌਣੀ ਕਰਤੂਤ ਦੇ ਖਿਲਾਫ ਮੋਦੀ ਅਤੇ ਹਰਿਆਣੇ ਦੀ ਮਨੋਹਰ ਲਾਲ ਖੱਟਰ ਦਾ ਪੁਤਲਾ ਰਾਜੇਆਣਾ ਮੇਨ ਰੋਡ ਤੇ ਸਾੜਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ ਨੇ ਆਖਿਆ ਕਿ ਕਿਸਾਨ ਆਗੂਆਂ ਦੀਆਂ ਗਿ੍ਰਫ਼ਤਾਰੀਆਂ ਕਰਕੇ ਅਤੇ ਹਰਿਆਣਾ-ਪੰਜਾਬ ਦੀਆਂ ਹੱਦਾਂ ਉੱਪਰ ਖ਼ਤਰਨਾਕ ਕੰਡਿਆਲੀਆਂ ਤਾਰਾਂ ਅਤੇ ਹੋਰ ਜਾਬਰ ਰੋਕਾਂ ਲਾ ਕੇ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਕਾਫ਼ਲਿਆਂ ਨੂੰ ਰੋਕ ਕੇ ਸ਼ਾਂਤਮਈ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਦੀਆਂ ਤਾਨਾਸ਼ਾਹ ਚਾਲਾਂ ਚੱਲਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਆਪਣੇ ਹੱਕਾਂ ਅਤੇ ਹਿਤਾਂ ਲਈ ਇਕੱਠੇ ਹੋਣਾ ਅਤੇ ਜਮਹੂਰੀ ਤਰੀਕਿਆਂ ਨਾਲ ਸੰਘਰਸ਼ ਕਰਨਾ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਅਤੇ ਉਹਨਾਂ ਵੱਲੋਂ ਸੜਕਾਂ ਉੱਪਰ ਆ ਕੇ ਸੱਤਾਧਾਰੀ ਭਾਜਪਾ ਦੇ ਵਿਨਾਸ਼ਕਾਰੀ ਅਤੇ ਤਾਨਾਸ਼ਾਹ ਫ਼ੈਸਲਿਆਂ ਦਾ ਜਥੇਬੰਦ ਵਿਰੋਧ ਕਰਨਾ ਪੂਰੀ ਤਰ੍ਹਾਂ ਹੱਕੀ ਅਤੇ ਜਾਇਜ਼ ਹੈ। ਸਿਰਫ਼ ਅਤੇ ਸਿਰਫ਼ ਕਾਰਪੋਰੇਟ ਹਿਤਾਂ ਨੂੰ ਮੁੱਖ ਰੱਖ ਕੇ ਲੋਕ ਵਿਰੋਧੀ ਆਰਥਕ ਨੀਤੀਆਂ ਥੋਪ ਰਹੀ ਆਰ.ਐੱਸ.ਐੱਸ.-ਭਾਜਪਾ ਸਰਕਾਰ, ਜਿਸ ਦੀ ਚੁੱਪ ਹਮਾਇਤ ਆਰ.ਐੱਸ.ਐੱਸ. ਦੀ ਕਿਸਾਨ ਜਥੇਬੰਦੀ ਵੀ ਕਰ ਰਹੀ ਹੈ, ਕਿਸਾਨਾਂ ਅਤੇ ਹੋਰ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ ਕਿ ਇਹ ਨੀਤੀਆਂ ਉਹਨਾਂ ਦੀ ਬਿਹਤਰੀ ਅਤੇ ਤਰੱਕੀ ਲਈ ਹਨ। ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਲੈ ਕੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿਚ ਸੋਧਾਂ ਤੱਕ ਤਮਾਮ ਫ਼ੈਸਲੇ ਸੰਬੰਧਤ ਵਰਗਾਂ ਅਤੇ ਸਮੂਹਾਂ ਤੋਂ ਆਪਣੇ ਹਿਤਾਂ ਦੀ ਨੁਮਾਇੰਦਗੀ ਕਰਨ ਅਤੇ ਆਪਣਾ ਪੱਖ ਰੱਖਣ ਦਾ ਹੱਕ ਖੋਹ ਕੇ ਲਏ ਗਏ। ਉਹਨਾਂ ਦੇ ਤੌਖ਼ਲਿਆਂ, ਜਾਇਜ਼ ਸਵਾਲਾਂ ਅਤੇ ਮੰਗਾਂ ਨੂੰ ਮੁਖ਼ਾਤਿਬ ਹੋਣ ਦੀ ਬਜਾਏ ਝੂਠੇ ਅਤੇ ਗ਼ੈਰਹਕੀਕੀ ਦਾਅਵਿਆਂ ਦੇ ਧੂੰਆਂਧਾਰ ਪ੍ਰਚਾਰ ਅਤੇ ਹੰਕਾਰਵਾਦੀ ਜਬਰ ਰਾਹੀਂ ਉਹਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਰ.ਐੱਸ.ਐੱਸ.-ਭਾਜਪਾ ਦੇ ਫਾਸ਼ੀਵਾਦੀ ਮਨਸੂਬੇ ਵੀ ਭਾਰਤ ਦੇ ਜਾਗਰੂਕ ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕ ਦੀ ਜਮਹੂਰੀ ਤਾਕਤ ਅਤੇ ਉਹਨਾਂ ਦੀਆਂ ਜਮਹੂਰੀ ਰੀਝਾਂ ਨੂੰ ਦਬਾ ਨਹੀਂ ਸਕਣਗੇ । ਜਿਨ੍ਹਾਂ ਸਮਾਂ ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੂਗਾ ਚਾਹੇ ਕਿਸੇ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਲਵੇ ਕਿਸਾਨਾਂ ਦਾ ਰੋਸ ਹੁਣ ਖਤਮ ਹੋਣ ਵਾਲਾ ਨਹੀਂ।ਇਸ ਉਪਰੋਕਤ ਨੌਜਵਾਨ ਭਾਰਤ ਸਭਾ ਦੇ ਬ੍ਰਿਜ ਰਾਜੇਆਣਾ, ਡਾਕਟਰ ਬਲਦੇਵ ਸਿੰਘ ਸੇਖਾ ਕਲਾਂ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਆਗੂ ਛਿੰਦਰਪਾਲ ਕੌਰ ਰੋਡੇ, ਹਰਨੇਕ ਸਿੰਘ ਵੈਰੋਕੇ, ਬਨਾਰਸੀ ਲਾਲ ਬਾਘਾ ਪੁਰਾਣਾ ਨੇ ਵੀ ਸੰਬੋਧਨ ਕੀਤਾ।


