ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 23 ਦਸੰਬਰ (ਜਸ਼ਨ):  ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਵੱਲੋਂ ਮਿਲ ਕੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।  ਜਿਸ ਦੇ ਤਹਿਤ ਸਕੂਲ ਦੀ ਸੰਗੀਤ ਅਧਿਆਪਿਕਾ ਮੈਡਮ ਹਰਪ੍ਰੀਤ ਕੌਰ ਵੱਲੋਂ ਵੈਰਾਗਮਈ ਸ਼ਬਦ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸਿਪਲ ਮੈਡਮ ਸਤਵਿੰਦਰ ਕੌਰ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਸਰਬਜੀਤ ਕੌਰ ਅਤੇ ਮੈਡਮ ਅੰਮ੍ਰਿਤਪਾਲ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਚਮਕੌਰ ਦੀ ਗੜ੍ਹੀ ਅਤੇ ਸਾਕਾ ਸਰਹੰਦ ਦਾ ਇਤਿਹਾਸ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਇਸ ਮੌਕੇ ਹਰ ਕੋਈ ਵੈਰਾਗਮਈ ਭਾਵਾਂ ਨਾਲ ਜੁੜ ਗਿਆ। ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਇਹ ਵੀ ਦੱਸਿਆ ਕਿ ਅੱਜ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਸਾਡਾ ਸਭ ਦਾ ਫਰਜ਼ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੇ ਪਾਏ ਪੂਰਨਿਆਂ ਤੇ ਚੱਲਣ ਤੇ ਸਹੀ ਸਿੱਖਿਆ ਦੇ ਸਕਦੇ ਹਾਂ। ਇਸ ਮੌਕੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਮੈਡਮ ਸੁਮੀਤਪਾਲ ਵੀ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।