ਵਿਧਾਇਕ ਡਾ: ਹਰਜੋਤ ਕਮਲ ਨੇ ਨੌਜਵਾਨਾਂ ਨੂੰ ਸ਼ਾਂਤ ਕਿਸਾਨ ਸੰਘਰਸ਼ ਨੂੰ ਗ਼ਲਤ ਮੋੜਾ ਦੇਣ ਤੋਂ ਬਚਣ ਲਈ ਮੋਬਾਈਲ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਕੀਤੀ ਅਪੀਲ

ਮੋਗਾ,29 ਦਸੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਨੇ ਕਿਸਾਨ ਸੰਘਰਸ਼ ਵਿਚ ਸ਼ਾਮਲ ਨੌਜਵਾਨਾਂ ਨੂੰ ਮੋਬਾਈਲ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਬੇਸ਼ੱਕ ਨੌਜਵਾਨ ਕਾਰਪੋਰੇਟ ਘਰਾਣਿਆਂ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਰਹੇ ਹਨ ਪਰ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਅਤੇ ਸੰਜਮ ਵਿਚ ਰਹਿ ਕੇ ਕੇਂਦਰ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇਹ ਵਰਤਾਰਾ ਘਾਤਕ ਸਿੱਧ ਹੋਵੇਗਾ। ਉਹਨਾਂ ਆਖਿਆ ਕਿ ਜਿੱਥੇ ਕੇਂਦਰ ਸਰਕਾਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵਜੋਂ ਕਿਸਾਨਾਂ ਨੂੰ ਬਦਨਾਮ ਕਰਨ ਦਾ ਮੌਕਾ ਮਿਲੇਗਾ ਉੱਥੇ ਰਾਤ ਬਰਾਤੇ ਸ਼ਰਾਰਤੀ ਅਨਸਰ ਇਹਨਾਂ ਟਾਵਰਾਂ ਨੂੰ ਨੁਕਸਾਨ ਪਹੁੰਚਾਉਣਗੇ ਜਾਂ ਫਿਰ ਚੋਰ ਉਚੱਕੇ ਜਨਰੇਟਰ ਪੱਟ ਕੇ ਲੈ ਜਾਣਗੇ ਪਰ ਨਾਮ ਕਿਸਾਨਾਂ ਦਾ ਵੱਜੇਗਾ। ਡਾ: ਹਰਜੋਤ ਨੇ ਕਿਹਾ ਕਿ ਹੁਣ ਤੱਕ ਕਿਸਾਨ ਸੰਘਰਸ਼ ਕਾਮਯਾਬ ਰਿਹਾ ਹੈ ਅਤੇ ਇਸ ਨੂੰ ਸਮਾਜ ਦੇ ਸਾਰੇ ਤਬਕਿਆਂ ਦੇ ਲੋਕਾਂ ਪਾਸੋਂ ਹਮਾਇਤ ਮਿਲੀ ਅਤੇ ਇੱਥੋਂ ਤੱਕ ਕੇ ਇਸ ਸੰਘਰਸ਼ ਦੇ ਸ਼ਾਂਤੀਪੂਰਨ ਹੋਣ ਕਰਕੇ ਦੇਸ਼ ਭਰ ਦੇ ਲੋਕਾਂ ਨੇ ਵੀ ਸਮਰਥਨ ਦਿੱਤਾ ਪਰ ਹਿੰਸਾ ਦੀ ਵਰਤੋਂ ਪ੍ਰਦਰਸ਼ਨਕਾਰੀਆਂ ਨੂੰ ਆਮ ਲੋਕਾਂ ਤੋਂ ਅਲਹਿਦਾ ਕਰ ਸਕਦੀ ਹੈ ਜੋ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਮਾਰੂ ਸਾਬਿਤ ਹੋਵੇਗਾ। ਉਹਨਾਂ ਆਖਿਆ ਕਿ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਪਰ ਕਿਸੇ ਵੀ ਤਰਾਂ ਦੀਆਂ ਤੋੜਫੋੜ ਦੀਆਂ ਕਾਰਵਾਈਆਂ ਜ਼ਰਾਇਮ ਪੇਸ਼ਾ ਲੋਕਾਂ ਨੂੰ ਸੂਬੇ ਵਿਚ ਅਰਾਜਕਤਾ ਫੈਲਾਉਣ ਦਾ ਮੌਕਾ ਦੇਣਗੀਆਂ ਜਿਸ ਨਾਲ ਸੂਬੇ ਦੇ ਹਾਲਾਤ ਵਿਗੜਨਗੇ ਜੋ ਕਿ ਕਰੋਨਾ ਕਾਰਨ ਆਈ ਮੰਦੀ ਦੇ ਚੱਲਦਿਆਂ ਸੂਬੇ ਦੀ ਆਰਥਿਕਤਾ ਲਈ ਮਾਰੂ ਸਾਬਿਤ ਹੋਣਗੇ। 
ਉਹਨਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਉਹਨਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੂਬੇ ਵਿੱਚ ਚੱਲ ਰਹੇ ਸ਼ਾਂਤਮਈ ਪ੍ਰਦਰਸ਼ਨਾਂ ’ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਕਿਸੇ ਪ੍ਰਦਰਸ਼ਨ ਨੂੰ ਰੋਕਿਆ ਬਲਕਿ ਉਨਾਂ ਕੇਂਦਰੀ ਕਾਲੇ ਕਨੂੰਨਾਂ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾ ਕੇ ਰੱਦ ਕੀਤਾ ਹੈ,  ਹੁਣ ਸੂਬੇ ਦੇ ਹਾਲਾਤ ਨੂੰ ਸਾਵਾਂ ਬਣਾਈ ਰੱਖਣ ਲਈ ਉਹਨਾਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ। 
ਵਿਧਾਇਕ ਡਾ: ਹਰਜੋਤ ਕਮਲ ਨੇ ਕਿਹਾ ਕਿ ਨੌਜਵਾਨ ਕਿਸਾਨਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਟਾਵਰਾਂ ਦੀ ਤੋੜ ਫੋੜ ਨਾਲ ਉਨਾਂ ਨੁਕਸਾਨ ਕੰਪਨੀ ਨੂੰ ਨਹੀਂ ਹੋਵੇਗਾ ਜਿਨਾਂ ਆਮ ਲੋਕਾਂ ਅਤੇ ਵਿਦਿਆਰਥੀਆਂ ਦਾ ਹੋਵੇਗਾ ਕਿਉਂਕਿ ਸਿਗਨਲ ਪ੍ਰਭਾਵਿਤ ਹੋਣ ਨਾਲ ਬੈਂਕਿੰਗ ਸੇਵਾਵਾਂ, ਆਨ ਲਾਈਨ ਪੜ੍ਹਾਈ ਅਤੇ ਹੋਰ ਆਰਥਿਕ ਗਤੀਵਿਧੀਆਂ ’ਤੇ ਕੁਪ੍ਰਭਾਵ ਪਵੇਗਾ।