ਰਿਸ਼ਵਤ ਲੈਂਦਾ ਕਲਰਕ, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ, 1 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐਲ. ਦਫਤਰ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਨੂੰ ਹਰਮਨਪ੍ਰੀਤ ਸਿੰਘ ਨਿਵਾਸੀ ਬਟਾਲਾ ਸ਼ਹਿਰ ਜ਼ਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਦੋਸ਼ੀ ਕਲਰਕ ਪੱਛੜੇ ਵਰਗ ਦੇ ਖਪਤਕਾਰਾਂ ਲਈ ਬਿਜਲੀ ਬਿੱਲ ਵਿਚ 200 ਯੂਨਿਟ ਮੁਆਫ ਕਰਨ ਵਿਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 2 ਹਜਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੱਛੜੇ ਵਰਗ ਨਾਲ ਸਬੰਧਤ ਬਿਜਲੀ ਖਪਤਕਾਰਾਂ ਦੇ ਬਿੱਲ ਵਿਚ 200 ਯੂਨਿਟਾਂ ਦੀ ਛੂਟ ਦੇਣ ਸਬੰਧੀ ਭਲਾਈ ਸਕੀਮ ਲਾਗੂ ਕੀਤੀ ਹੋਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋਸ਼ੀ ਕਲਰਕ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 500 ਰੁਪਏ ਰਿਸ਼ਵਤ ਲੈ ਚੁੱਕਾ ਸੀ।ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 1500 ਰੁਪਏ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।