ਖੇਤੀ ਜਿਣਸਾਂ ਦੀ ਸਿੱਧੀ ਅਦਾਇਗੀ ਦੇ ਆਪਣੇ ਫੈਸਲੇ ’ਤੇ ਕੇਂਦਰ ਸਰਕਾਰ ਮੁੜ ਤੋਂ ਗੌਰ ਕਰੇ: ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ

ਮੋਗਾ,13 ਮਾਰਚ (ਜਸ਼ਨ): ‘ਖੇਤੀ ਜਿਣਸਾਂ ਦੀ ਸਿੱਧੀ ਅਦਾਇਗੀ ਕਰਨ ਦੇ ਆਪਣੇ ਫੈਸਲੇ ’ਤੇ ਕੇਂਦਰ ਸਰਕਾਰ ਮੁੜ ਤੋਂ ਗੌਰ ਕਰੇ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਨੇ ਆਖਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਅਤੇ ਆੜ੍ਹਤੀਆਂ ’ਤੇ ਨਵੀਂ ਤਲਵਾਰ ਲਟਕਣ ਲੱਗੀ ਹੈ ਅਤੇ ਕੇਂਦਰ ਦੇ ਇਸ ਤੁਗਲਕੀ ਫੈਸਲੇ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦੀ ਨੀਂਦ ਹਰਾਮ ਹੋ ਗਈ ਹੈ। ਰਜਿੰਦਰਪਾਲ ਗਿੱਲ ਨੇ ਆਖਿਆ ਕਿ ਵਿਧਾਇਕ ਡਾ: ਹਰਜੋਤ ਕਮਲ ਨੇ ਇਸ ਸਾਰੇ ਮਸਲੇ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵਿਚਾਰ ਚਰਚਾ ਆਰੰਭ ਦਿੱਤੀ ਹੈ ਜਦਕਿ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਹੈ । ਚੇਅਰਮੈਨ ਸ. ਗਿੱਲ ਨੇ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਕਿਸਾਨ ਹੀ ਸਿੱਧੀ ਅਦਾਇਗੀ ਦੇ ਹੱਕ ਵਿਚ ਨਹੀਂ ਤਾਂ ਕੇਂਦਰ ਸਰਕਾਰ ਕਿਸ ਸੋਚ ਤਹਿਤ ਨਵੇਂ ਨਿਯਮ ਲਾਗੂ ਕਰ ਰਹੀ ਹੈ। ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਇਸ ਮਸਲੇ ਨੂੰ ਕੇਂਦਰ ਨਾਲ ਉਠਾਉਣ ਤਾਂ ਕਿ ਮੰਡੀਆਂ ਵਿਚ ਅਗਲੇ ਮਹੀਨੇ ਆਉਣ ਵਾਲੀ ਕਣਕ ਦੀ ਫਸਲ ਦੀ ਅਦਾਇਗੀ ਰਵਾਇਤੀ ਢੰਗਾਂ ਨਾਲ ਹੋ ਸਕੇ।