ਸਕੂਲ ਸਿੱਖਿਆ ਦਰਜਾਬੰਦੀ 'ਚ ਪੰਜਾਬ ਦੇ ਭਾਰਤ 'ਚੋਂ ਪਹਿਲੇ ਸਥਾਨ 'ਤੇ ਆਉਣ ਲਈ ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨਾਲ ਵਿਚਾਰ-ਵਟਾਂਦਰੇ ਦਾ ਵਰਚੂਅਲ ਸਮਾਰੋਹ

ਮੋਗਾ, 10 ਜੂਨ (ਜਸ਼ਨ ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਅਧਿਆਪਕਾਂ ਨਾਲ ਵਰਚੂਅਲ ਵਿਚਾਰ-ਵਟਾਂਦਰਾ ਕੀਤੇ ਜਾਣ ਦੌਰਾਨ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਰੋਹ 'ਚ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ 'ਚ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ 'ਚ ਭਾਰਤ ਵਿੱਚੋਂ ਪਹਿਲੇ ਸਥਾਨ 'ਤੇ ਆਉਣਾ ਪੰਜਾਬ, ਪੰਜਾਬੀਆਂ ਤੇ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਠੋਸ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੇ ਸੂਬੇ ਦੇ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਨਾਲ-ਨਾਲ ਅਰਬੀ, ਚੀਨੀ, ਫਰੈਂਚ ਤੇ ਹੋਰ ਭਾਸ਼ਾਵਾਂ ਸਿਖਾਉਣ ਸਮੇਤ ਖੇਡਾਂ ਦੇ ਖੇਤਰ 'ਚ ਵੀ ਮੋਹਰੀ ਬਣਾਉਣ ਦਾ ਬੀੜਾ ਉਠਾਇਆ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਰਅੰਦੇਸ਼ੀ ਸੋਚ ਸਦਕਾ ਸਿੱਖਿਆ ਮਹਿਕਮੇ ਨੇ ਪ੍ਰੀ-ਪ੍ਰਾਇਮਰੀ ਸਿੱਖਿਆ 'ਤੇ ਧਿਆਨ ਕੇਂਦਰਤ ਕੀਤਾ ਜੋ ਕਿ ਅੱਜ ਦੀ ਪ੍ਰਾਪਤੀ ਦਾ ਨੀਂਹ ਪੱਥਰ ਸੀ। ਇਸ ਤੋਂ ਇਲਾਵਾ ਅਧਿਆਪਕਾਂ ਦੀ ਅਣਥੱਕ ਮਿਹਨਤ, ਸਰਕਾਰ ਵੱਲੋਂ ਸਮਾਜ ਸੇਵੀਆਂ, ਅਧਿਆਪਕਾਂ ਤੇ ਸਨਅਤਕਾਰਾਂ ਨਾਲ ਮਿਲਕੇ ਖੜ੍ਹੇ ਕੀਤੇ ਬੁਨਿਆਦੀ ਢਾਂਚੇ ਨੇ ਪੰਜਾਬ ਨੂੰ ਸਾਡੇ ਬੱਚਿਆਂ ਦੇ ਭਵਿੱਖ ਨਾਲ ਜੁੜੀ ਇਸ ਪ੍ਰਾਪਤੀ ਦੇ ਯੋਗ ਬਣਾਇਆ ਹੈ।


