ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ,5 ਜੁਲਾਈ (ਜਸ਼ਨ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ - ਨਿਰਦੇਸ਼ਾਂ ਤਹਿਤ 10 ਜੁਲਾਈ 2021 ਨੂੰ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀਮਤੀ ਮਨਦੀਪ ਪੰਨੂੰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਤਹਿਸੀਲ ਪੱਧਰ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਦੇ ਸਬੰਧ ਵਿੱਚ ਜ਼ਿਲ੍ਹਾ ਕਚਿਹਰੀ ਮੋਗਾ,ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਖੇ ਵੱਖ - ਵੱਖ ਬੈਂਚਾਂ ਦਾ ਆਯੋਜਨ ਕੀਤਾ ਜਾਵੇਗਾ। ਮਾਣਯੋਗ ਸੈਸ਼ਨ ਜੱਜ  ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਚੈੱਕ ਬਾਊਂਸ, ਘਰੇਲੂ ਝਗੜੇ, ਰਿਕਵਰੀ, ਬਿਜਲੀ ਮਹਿਕਮੇ ਦੇ , ਬੈਂਕਾਂ ਦੇ ,ਇੰਸ਼ੂਰੈਂਸ ਦੇ, ਬੀ.ਐੱਸ.ਐੱਨ.ਐੱਲ ਦੇ  ਅਤੇ ਕ੍ਰਿਮਿਨਲ ਕੰਪਾਊਂਡੇਬਲ ਆਦਿ ਹਰ ਤਰ੍ਹਾਂ ਦੇ ਕੇਸ ਲਗਾਏ ਜਾ ਸਕਦੇ ਹਨ ਅਤੇ ਇਨ੍ਹਾਂ ਕੇਸਾਂ ਦਾ ਨਿਬੇੜਾ ਆਪਸੀ ਰਜ਼ਾਮੰਦੀ ਦੇ ਆਧਾਰ ਤੇ ਕੀਤਾ ਜਾਵੇਗਾ । ਉਨ੍ਹਾਂ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਨੇ ਇਸ ਲੋਕ ਅਦਾਲਤ ਨੂੰ ਸਫਲ ਬਨਾਉਣ ਲਈ ਸ਼੍ਰੀ ਅਮਰੀਸ਼ ਕੁਮਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੂੰ ਜਰੂਰੀ ਦਿਸ਼ਾ - ਨਿਰਦੇਸ਼ ਦਿੱਤੇ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਹਿੱਸਾ ਲੈ ਕੇ ਆਪਣੇ ਕੇਸਾਂ ਦਾ ਨਿਬੇੜਾ ਕਰਵਾਉਣ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਤੇ ਜਾਂ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਨੰਬਰ 01636-235864 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।