ਮਿਊਸਿਪਲ ਕਮੇਟੀ ਦਾ ਈ.ਓ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ,ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਕੀਤਾ ਗ੍ਰਿਫਤਾਰ
ਚੰਡੀਗੜ੍ਹ 9 ਜੁਲਾਈ (ਜਸ਼ਨ): ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਮੌਕੇ ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮਾਤਾ, ਜੋ ਕਿ ਬਤੌਰ ਸਫਾਈ ਸੇਵਕ ਵਜੋਂ ਮਿਊਸਿਪਲ ਕਮੇਟੀ ਸੁਲਤਾਨਪੁਰ ਲੋਧੀ ਤੋਂ ਰਿਟਾਇਰ ਹੋ ਚੁੱਕੀ ਹੈ, ਦੇ ਬਕਾਏ ਨੂੰ ਕਲੀਅਰ ਕਰਨ ਬਦਲੇ ਉਕਤ ਈ.ਓ ਅਤੇ ਕਲਰਕ ਵਲੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਜਿਸ ਉਪਰੰਤ ਉਸ ਵਲੋਂ ਪਹਿਲੀ ਕਿਸ਼ਤ ਦੇ 15000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਈ.ਓ ਅਤੇ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਂਨਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।