ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚਰਨਜੀਤ ਸਿੰਘ ਚੰਨੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਸਤੰਬਰ  (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਘੋਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣਗੇ, ਜਿਸ ਨੂੰ ਸੱਤਾਧਾਰੀ ਕਾਂਗਰਸ ਹੁਣ ਤੱਕ ਬਚਾਉਂਦੀ ਆ ਰਹੀ ਹੈ। 

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇਂ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨਾਲ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨੀ ਸੰਘਰਸ਼ ਦਾ ਜ਼ਿਕਰ ਕਰਦਿਆਂ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਦਲ  ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਸਾਲ 2017 ਵਿੱਚ 129 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਕੇ ਘਰ- ਘਰ ਰੋਜ਼ਗਾਰ ਦੇਣ, ਕਿਸਾਨੀ ਕਰਜਾ ਮੁਆਫ਼ ਕਰਨ, ਦਲਿਤਾਂ ਨੂੰ ਪੰਜ- ਪੰਜ ਮਰਲੇ ਦੇ ਪਲਾਟ ਦੇਣ, ਮੁਫ਼ਤ ਘਰ ਦੇਣ ਅਤੇ ਮਾਫ਼ੀਆ ਰਾਜ ਖ਼ਤਮ ਕਰਨ ਜਿਹੇ ਅਨੇਕਾਂ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲਾਂ ਦੇ ਰਾਜ ਵਿੱਚ ਕਾਂਗਰਸ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਮੀਦ ਕੀਤੀ ਜਾਂਦੀ ਹੈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨਾਂ ਸਾਰੇ ਵਾਅਦਿਆਂ ਨੂੰ ਜ਼ਰੂਰ ਪੂਰਾ ਕਰਨਗੇ। 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੰਨ ਹੀ ਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਫੇਲ ਰਹੇ ਹਨ ਅਤੇ ਇਸੇ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਨੂੰ ਵਾਅਦੇ ਪੂਰੇ ਕਰਨੇ ਹੋਣਗੇ, ਕੇਵਲ ਚਿਹਰਾ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੁਹਰਾਇਆ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਗੁਰੂ ਗਰੰਥ ਸਾਹਿਬ ਦੀ ਬੇਅਬਦੀ, ਘਰ ਘਰ ਰੋਜ਼ਗਾਰ, ਸਸਤੀ ਬਿਜਲੀ ਅਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਵਿੱਚ ਵਿਸ਼ਵਾਸ਼ ਰੱਖਦੀ ਹੈ। ਚੀਮਾ ਨੇ ਉਮੀਦ ਪ੍ਰਗਟਾਈ ਕਿ ਜਿਵੇਂ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਮੁਫ਼ਤ ਸਿੱਖਿਆ, ਇਲਾਜ, ਬਿਜਲੀ ਦੇ ਰਹੀ ਹੈ, ਉਸੇ ਹੀ ਤਰਜ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ। 
‘ਆਪ’ ਆਗ ਨੇ ਕਿਹਾ ਕਿ ਸਭ ਤੋਂ ਵੱਡੀ ਉਮੀਦ ਹੈ ਕਿ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਵਿੱਚ ਥਾਂ ਨਹੀਂ ਦੇਣਗੇ ਅਤੇ ਜੇਲ੍ਹ ਭੇਜਣਗੇ, ਤਾਂ ਜੋ ਗਰੀਬ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਕਰਾਰ ਦੇਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ। ਹੁਣ ਉਮੀਦ ਹੈ ਕਿ ਨਵੇਂ ਮੁੱਖ ਮੰਤਰੀ ਕਾਰਵਾਈ ਕਰਨਗੇ ਅਤੇ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਸਮੇਤ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਲਾਜ਼ਮੀ ਕਦਮ ਚੁਕਣਗੇ। ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਸਮੁੱਚੇ ਬਾਦਲ ਪਰਿਵਾਰ (ਅਕਾਲੀ ਦਲ) ਦਾ ਦਿਲ ਅੱਜ ਵੀ ਭਾਜਪਾ ਲਈ ਧੜਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਬਾਦਲ ਪਰਿਵਾਰ ਹੁਣ ਵੀ ਭਾਜਪਾ ਦੀ ਬੋਲੀ ਬੋਲ ਰਿਹਾ ਹੈ।