ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਜਾਂ ਦੇਸ਼ ਵਿਰੋਧੀ ਤਾਕਤਾਂ ਹਾਲਾਤ ਖਰਾਬ ਕਰਨ ਦੇ ਮਨਸੂਬੇ ਘੜ੍ਹ ਰਹੀਆਂ ਹਨ ਜਿਸ ਤੋਂ ਸਮੂਹ ਧਾਰਮਿਕ ਸੰਸਥਾਵਾਂ ਤੇ ਜਨਤਾ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਬੇਅਦਬੀ ਦੀ ਘਟਨਾ ਦੀ ਕਰੜੇ ਸ਼ਬਦਾਂ ਚ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਮੰਦਭਾਗੀ ਘਟਨਾ ਨਾਲ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ । ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਸਮੂਹ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਚੌਕਸੀ ਵਰਤਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ