ਚਰਨਜੀਤ ਭੁੱਲਰ ਦੀ ਕਲਮ ਤੋਂ : ਮਾਨ ਦੀ ਕਮਾਨ,ਸਾਬਕਾ ਵਿਧਾਇਕਾਂ ਦੇ ਪੈਨਸ਼ਨੀ ਗੱਫੇ ਹੋਣਗੇ ਬੰਦ !
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਗਲੇ ਹਫਤੇ 'ਇੱਕ ਵਿਧਾਇਕ-ਇੱਕ ਪੈਨਸ਼ਨ' ਦਾ ਫੈਸਲਾ ਲੈ ਸਕਦੀ ਹੈ | ਸਾਬਕਾ ਵਿਧਾਇਕਾਂ ਨੂੰ ਹਰ ਟਰਮ ਦੀ ਮਿਲਦੀ ਵਾਧੂ ਪੈਨਸ਼ਨ ਨੂੰ ਬੰਦ ਕੀਤਾ ਜਾਣਾ ਹੈ ਅਤੇ ਇਸ ਬਾਰੇ ਫੈਸਲੇ ਨੂੰ ਅੰਤਿਮ ਛੋਹ ਦਿੱਤੀ ਜਾਣ ਲੱਗੀ ਹੈ | ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 'ਇੱਕ ਵਿਧਾਇਕ-ਇੱਕ ਪੈਨਸ਼ਨ' ਨੂੰ ਲਾਗੂ ਕਰਨ ਦੇ ਇੱਛੁਕ ਦੱਸੇ ਜਾ ਰਹੇ ਹਨ | 'ਆਪ' ਸਰਕਾਰ ਦਾ ਇਹ ਫੈਸਲਾ ਪੈਨਸ਼ਨਾਂ ਦੇ ਗੱਫੇ ਲੈਣ ਰਹੇ ਸਾਬਕਾ ਵਿਧਾਇਕਾਂ ਨੂੰ ਝਟਕਾ ਦੇਵੇਗਾ |
ਸੂਤਰਾਂ ਅਨੁਸਾਰ ਇੱਕ ਵਾਰੀ ਵਿਧਾਇਕ ਰਹੇ ਸਾਬਕਾ ਵਿਧਾਇਕ ਨੂੰ ਪੰਜਾਬ ਵਿਚ 75,150 ਰੁਪਏ ਪੈਨਸ਼ਨ ਮਿਲਦੀ ਹੈ | ਅਗਰ ਕੋਈ ਦੋ ਦਫਾ ਵਿਧਾਇਕ ਰਹਿ ਜਾਂਦਾ ਹੈ ਤਾਂ ਉਸ ਨੂੰ 1.25 ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ | ਮਤਲਬ ਹੈ ਕਿ ਹਰ ਇੱਕ ਟਰਮ ਵਿਚ 50 ਹਜ਼ਾਰ ਰੁਪਏ ਦਾ ਵਾਧਾ ਜੁੜਦਾ ਹੈ ਜੋ ਕਿ ਕਰੀਬ 66 ਫੀਸਦੀ ਬਣਦਾ ਹੈ | ਬੇਸ਼ੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪ੍ਰੰਤੂ ਉਹ 10 ਵਾਰੀ ਵਿਧਾਇਕ ਰਹੇ ਹੋਣ ਕਰਕੇ 5.25 ਲੱਖ ਰੁਪਏ ਦੀ ਪੈਨਸ਼ਨ ਦੇ ਹੱਕਦਾਰ ਬਣ ਗਏ ਹਨ |
ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੀਆਂ ਹਸਤੀਆਂ ਨੂੰ ਇਹ ਵੀ ਛੋਟ ਦਿੱਤੀ ਹੈ ਕਿ ਉਹ ਇੱਕੋ ਸਮੇਂ ਸਾਬਕਾ ਵਿਧਾਇਕ ਅਤੇ ਸਾਬਕਾ ਐਮ.ਪੀ ਵਾਲੀ ਭਾਵ ਦੋਵੇਂ ਪੈਨਸ਼ਨ ਹਾਸਲ ਕਰਨ ਦਾ ਹੱਕ ਰੱਖਦੇ ਹਨ | 'ਆਪ' ਸਰਕਾਰ ਇਹ ਨਵਾਂ ਫੈਸਲਾ ਲੈ ਰਹੀ ਹੈ ਕਿ ਅਗਰ ਕੋਈ ਸਿਆਸੀ ਹਸਤੀ 5 ਦਫਾ ਵਿਧਾਇਕ ਹੋਵੇ ਤੇ ਚਾਹੇ 10 ਦਫਾ, ਉਸ ਨੂੰ ਸਾਬਕਾ ਵਿਧਾਇਕ ਵਾਲੀ ਪੈਨਸ਼ਨ ਸਿਰਫ 75,150 ਰੁਪਏ ਪ੍ਰਤੀ ਮਹੀਨਾ ਹੀ ਮਿਲੇਗੀ | ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਛੇ ਛੇ ਦਫਾ ਵਿਧਾਇਕ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਪ੍ਰਤੀ ਵਿਅਕਤੀ ਪੈਨਸ਼ਨ 3.25 ਲੱਖ ਰੁਪਏ ਪ੍ਰਤੀ ਮਹੀਨਾ ਬਣਦੀ ਹੈ |
ਅਗਰ 'ਆਪ' ਸਰਕਾਰ 'ਇੱਕ ਵਿਧਾਇਕ-ਇੱਕ ਪੈਨਸ਼ਨ' ਲਾਗੂ ਕਰਦੀ ਹੈ ਤਾਂ ਬੀਬੀ ਭੱਠਲ ਨੂੰ 3.25 ਲੱਖ ਦੀ ਬਜਾਏ 75,150 ਰੁਪਏ ਹੀ ਪੈਨਸ਼ਨ ਮਿਲੇਗੀ |'ਆਪ' ਸਰਕਾਰ ਇਸ 'ਤੇ ਵਿਚਾਰ ਚਰਚਾ ਕਰ ਰਹੀ ਹੈ ਕਿ 'ਇੱਕ ਵਿਧਾਇਕ-ਇੱਕ ਪੈਨਸ਼ਨ' ਸਕੀਮ ਨੂੰ ਪੁਰਾਣੇ ਸਾਬਕਾ ਵਿਧਾਇਕਾਂ 'ਤੇ ਲਾਗੂ ਕੀਤਾ ਜਾਵੇ ਜਾਂ ਫਿਰ ਇਸ ਸਕੀਮ ਨੂੰ ਨਵੇਂ ਸਾਬਕਾ ਵਿਧਾਇਕਾਂ 'ਤੇ ਲਾਗੂ ਕੀਤਾ ਜਾਵੇ | ਬਲਵਿੰਦਰ ਸਿੰਘ ਭੂੰਦੜ ਪੰਜ ਵਾਰ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਨੂੰ ਬਤੌਰ ਸਾਬਕਾ ਵਿਧਾਇਕ ਪੌਣੇ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ ਜਦੋਂ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਸਵਾ ਦੋ ਲੱਖ ਰੁਪਏ ਪੈਨਸ਼ਨ ਮਿਲਦੀ ਹੈ |
ਮੁੱਖ ਮੰਤਰੀ ਭਗਵੰਤ ਮਾਨ ਇਸ ਫੈਸਲੇ ਨੂੰ ਸਿਰੇ ਚਾੜਦੇ ਹਨ ਤਾਂ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਸਾਹ ਆਵੇਗਾ |ਪੰਜਾਬ ਦੇ ਇਸ ਵੇਲੇ 325 ਸਾਬਕਾ ਵਿਧਾਇਕ ਹਨ ਜਿਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਹੈ ਜਾਂ ਮਿਲਣੀ ਹੈ | 'ਆਪ' ਦੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਇੱਕ ਵਫਦ ਨੇ 17 ਅਗਸਤ 2021 ਨੂੰ ਪੰਜਾਬ ਵਿਧਾਨ ਸਭਾ ਦੇ ਤਤਕਾਲੀ ਸਪੀਕਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਵਿਧਾਇਕਾਂ ਨੂੰ ਸਿਰਫ ਇੱਕ ਪੈਨਸ਼ਨ ਦੇਣ ਦੀ ਮੰਗ ਕੀਤੀ ਸੀ | ਦੂਸਰੇ ਸੂਬਿਆਂ 'ਤੇ ਨਜ਼ਰ ਮਾਰੀਏ ਤਾਂ ਕੇਰਲਾ ਵਿਚ 62, ਬਿਹਾਰ ਵਿਚ 153, ਹਿਮਾਚਲ ਪ੍ਰਦੇਸ਼ ਵਿਚ 383, ਮੱਧ ਪ੍ਰਦੇਸ਼ ਵਿਚ 142 ਅਤੇ ਹਰਿਅਣਾ ਵਿਚ 286 ਸਾਬਕਾ ਵਿਧਾਇਕ ਪੈਨਸ਼ਨ ਲੈ ਰਹੇ ਹਨ |