ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੋਗਾ 30 ਮਾਰਚ (ਜਸ਼ਨ): -- ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਰਸਮੀ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਧਾਈ ਦਿੱਤੀ। ਬਹੁਤ ਹੀ ਸੁਖਾਂਵੇ ਮਾਹੌਲ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਵਿਧਾਇਕਾ ਡਾ. ਅਰੋੜਾ ਨੇ ਪੰਜਾਬ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮਸਲਿਆਂ ਨੂੰ ਬੜੀ ਸੰਜੀਦਗੀ ਨਾਲ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਆਉਣ ਵਾਲੀ ਹਾੜੀ ਦੀ ਫਸਲ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ, ਨਸ਼ਿਆਂ, ਰਿਸ਼ਵਤਖੋਰੀ, ਬੇਰੁਜ਼ਗਾਰੀ ਅਤੇ ਸਕੂਲਾਂ ਤੇ ਹਸਪਤਾਲਾਂ ਵਿੱਚ ਆ ਰਹੀਆਂ ਸਮੱਸਿਆ ਆਦਿ ਬਾਰੇ ਵਿਸਥਾਰ ਸਹਿਤ ਚਰਚਾ ਹੋਈ । ਇਸ ਉਪਰੰਤ ਵਿਧਾਇਕਾ ਅਰੋੜਾ ਨੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਨਾਲ ਹਲਕਾ ਮੋਗਾ ਦੀਆਂ ਸਮੱਸਿਆਂਵਾਂ ਬਾਰੇ ਵੀ ਚਰਚਾ ਕੀਤੀ। ਡਾ ਅਰੋੜਾ ਨੇ ਕਿਹਾ ਕਿ ਜਿਸ ਆਸ ਤੇ ਵਿਸ਼ਵਾਸ ਨਾਲ ਪੰਜਾਬੀਆਂ ਨੇ ਐਨਾ ਵੱਡਾ ਫ਼ਤਵਾ ਦਿੱਤਾ ਹੈ ਆਮ ਆਦਮੀ ਪਾਰਟੀ ਉਹਨਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਤੱਤਪਰ ਹੈ।