ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ
ਮੋਗਾ, 4 ਅਪ੍ਰੈਲ (ਜਸ਼ਨ):: ਕਣਕ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਨਾੜ (ਰਹਿੰਦ-ਖੂੰਹਦ) ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ/ਕੋਵਿਡ 19 ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏਂ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ।
ਨਾੜ ਨੂੰ ਅੱਗ ਲਗਾਉਣ ਨਾਲ ਨਾਲ ਖੇਤ ਵਿੱਚ ਖੜੀ ਫ਼ਸਲ ਜਾਂ ਆਲੇ ਦੁਆਲੇ ਦੇ ਦਰਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ-ਖੂੰਹਦ) ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 31 ਮਈ, 2022 ਤੱਕ ਲਾਗੂ ਰਹਿਣਗੇ।