ਪੰਜਾਬ ਵਿਚ ਭਾਜਪਾ ਦੇ ਆਧਾਰ ਖੇਤਰ ਵਿਚ ਵਿਸਥਾਰ ਨੂੰ ਲੈ ਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਮੋਗਾ, 4 ਅਪਰੈਲ (ਜਸ਼ਨ): ਮੋਗਾ ਦੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਮਜਬੂਤੀ ਲਈ ਜਥੇਬੰਧਕ ਪਰਿਕਿਰਿਆ ਲਈ ਵਿਚਾਰ ਸਾਂਝੇ ਕੀਤੇ ਅਤੇ ਭਵਿੱਖ ਵਿਚ ਪੰਜਾਬ ਵਿਚ ਹੋਣ ਵਾਲੇ ਨਿਗਮ ਅਤੇ ਲੋਕ ਸਭਾ ਚੋਣਾਂ ਲਈ ਭਾਰਤੀ ਜਨਤ; ਪਾਰਟੀ ਦੀ ਭੂਮਿਕਾ ਸਬੰਧੀ ਡੂੰਘੀ ਵਿਚਾਰ ਚਰਚਾ ਕੀਤੀ।
ਇਸ ਮੁਲਾਕਾਤ ਦੌਰਾਨ ਸ਼੍ਰੀ ਤਰੁਣ ਚੁੱਘ ਨੇ ਆਖਿਆ ਕਿ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਹੁਣ ਪੰਜਾਬ ਵਿਚ ਵੀ ਭਾਜਪਾ ਦਾ ਆਧਾਰ ਮਜਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਰਾਬਤਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਫਰਵਰੀ 2022 ਦੌਰਾਨ ਵਿਧਾਨ ਸਭਾ ਚੋਣਾਂ ਵਿਚ ਜਿਸ ਕਦਰ ਭਾਜਪਾ ਨੂੰ ਮਿਲੀਆਂ ਵੋਟਾਂ ਦੀ ਪ੍ਰਤੀਸ਼ਤਤਾ ਵਿਚ ਵਾਧਾ ਹੋਇਆ ਹੈ ਉਸ ਵਾਧੇ ਦੀ ਨਿਰੰਤਰਤਾ ਨੂੰ ਬਣਾਈ ਰੱਖਣ ਲਈ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਨਾ ਸਿਰਫ਼ ਘਰ ਘਰ ਪਹੁੰਚਾਉਣ ਦੀ ਲੋੜ ਹੈ ਬਲਕਿ ਆਵਾਸ ਯੋਜਨਾ ਅਤੇ ਅਨਤੋਦਿਆ ਵਰਗੀਆਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਪਰਿਵਾਰ ਨੂੰ ਦੇਣ ਲਈ ਕਾਰਜਕਰਤਾਵਾਂ ਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ।
ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਦੱਸਿਆ ਕਿ ਕੋਵਿਡ ਦੌਰਾਨ ਅਤੇ ਹੁਣ ਵੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਪਹਿਲ ’ਤੇ ਮੁੱਫਤ ਕਣਕ ਅਤੇ ਸਸਤੇ ਭਾਅ ਅਨਾਜ ਮੁੁਹਈਆ ਕਰਵਾ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਹਿਤੈਸ਼ੀ ਹੋਣ ਦਾ ਵੱਡਾ ਸਬੂਤ ਦਿੱਤਾ ਹੈ ਅਤੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿਚ ਵੀ ਭਾਜਪਾ ਦੇ ਆਧਾਰ ਖੇਤਰ ਵਿਚ ਵਿਸਥਾਰ ਦੀਆਂ ਸੰਭਾਵਨਾਵਾਂ ਦਿਖਾਈ ਦੇ ਰਹੀਆਂ ਹਨ ।