ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਖੁਦ ਟਰੈਕਟਰ ਚਲਾ ਕੇ ਕੀਤੀ ਮੋਗਾ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ
ਮੋਗਾ, 20 ਮਈ (ਜਸ਼ਨ) - ਪੰਜਾਬ ਸਰਕਾਰ ਦੇ ਸੱਦੇ ਉੱਤੇ ਅੱਜ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਵੱਡੇ ਪੱਧਰ ਉੱਤੇ ਝੋਨੇ ਦੀ ਸਿੱਧੀ ਬਿਜਾਈ ਦੀ ਸੁਰੂਆਤ ਕਰ ਦਿੱਤੀ ਹੈ। ਅੱਜ ਪਿੰਡ ਚੜਿੱਕ ਵਿਖੇ ਸਿੱਧੀ ਬਿਜਾਈ ਦੀ ਸੁਰੂਆਤ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਖੁਦ ਟਰੈਕਟਰ ਚਲਾ ਕੇ ਕੀਤੀ। ਇਸ ਮੌਕੇ ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰ ਪਿ੍ਰਤਪਾਲ ਸਿੰਘ, ਕਈ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਣ ਲਈ ਹਰ ਉਪਰਾਲਾ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਅਤੇ ਹੋਰ ਫਸਲਾਂ ਉੱਤੇ ਐਮ ਐਸ ਪੀ ਦੇਣ ਦਾ ਐਲਾਨ ਸੂਬੇ ਵਿੱਚ ਫਸਲੀ ਵਿਭਿੰਨਤਾ ਵੱਲ ਵੱਡਾ ਕਦਮ ਸਾਬਿਤ ਹੋਵੇਗਾ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਅਪੀਲ ਮੰਨ ਕੇ ਇਸ ਵਾਰ ਤੋਂ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਅਜਿਹੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚਦਾ ਹੈ ਉਥੇ ਹੀ ਫਸਲ ਦਾ ਝਾੜ ਵੀ ਜਿਆਦਾ ਮਿਲਦਾ ਹੈ।
ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸਾਲ ਜ਼ਿਲ੍ਹਾ ਮੋਗਾ ਵਿੱਚ 57 ਹਜ਼ਾਰ ਹੈਕਟੇਅਰ ਵਿੱਚ ਝੋਨਾ ਦੀ ਸਿੱਧੀ ਬਿਜਾਈ ਦਾ ਟੀਚਾ ਹੈ। ਕਿਸਾਨਾਂ ਦੇ ਉਤਸਾਹ ਤੋਂ ਲੱਗਦਾ ਹੈ ਕਿ ਇਹ ਟੀਚਾ ਸਹਿਜੇ ਹੀ ਪ੍ਰਾਪਤ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਕਿਸਾਨ ਕੋਈ ਵੀ ਫਿਕਰ ਨਾ ਕਰਨ। ਕਿਸਾਨਾਂ ਦੀ ਮੁੱਖ ਚੂਹੇ ਦੀ ਸਮੱਸਿਆ ਲਈ ਦਵਾਈ ਮੁਫਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨ ਦਿਨੋਂ ਦਿਨ ਸਿੱਧੀ ਬਿਜਾਈ ਵੱਲ ਵੱਧ ਰਹੇ ਹਨ। ਇਸ ਮੌਕੇ ਉਹਨਾਂ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਤੇ ਹੱਲ ਕਰਨ ਦਾ ਭਰੋਸਾ ਦਿੱਤਾ। ਟੇਲਾਂ ਉੱਤੇ ਪਾਣੀ ਪਹੁੰਚਾਉਣ ਲਈ ਮੌਕੇ ਉੱਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ।