ਜ਼ਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ

Tags: 

ਮੋਗਾ 2 ਅਗਸਤ (ਜਸ਼ਨ): ਜ਼ਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦਾ ਇੱਕ 15 ਮੈਂਬਰੀ ਵਫਦ ਅੱਜ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ। ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ 4 ਅਪ੍ਰੈਲ ਨੂੰ ਸੌਂਪੇ ਗਏ ਮੰਗ ਪੱਤਰ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੰਗ ਪੱਤਰ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਦੇ ਹੱਲ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਡਿਪਟੀ ਕਮਿਸ਼ਨਰ ਮੋਗਾ ਦੀ ਹਾਜਰੀ ਵਿੱਚ ਮੀਟਿੰਗ ਕਰਨੀ ਅਤਿ ਜ਼ਰੂਰੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਮੋਗਾ ਨੂੰ ਬੇਨਤੀ ਕੀਤੀ ਕਿ 15 ਅਗਸਤ ਤੋਂ ਬਾਅਦ ਇੱਕ ਪੈਨਲ ਮੀਟਿੰਗ ਦਾ ਆਯੋਜਨ ਕੀਤਾ ਜਾਵੇ, ਜਿਸ ਵਿੱਚ ਸਾਰੇ ਵਿਭਾਗਾਂ ਦੇ ਮੁਖੀ ਸ਼ਾਮਲ ਹੋਣ। ਵਫ਼ਦ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਜੀ ਨੇ ਭਰੋਸਾ ਦਿਵਾਇਆ ਕਿ ਅਗਲੇ ਇੱਕ ਦੋ ਦਿਨਾਂ ਵਿੱਚ ਮੀਟਿੰਗ ਦੀ ਮਿਤੀ ਮਿਥ ਕੇ ਸਾਰੇ ਸਬੰਧਤ ਵਿਭਾਗਾਂ ਨੂੰ ਚਿੱਠੀਆਂ ਕੱਢੀਆਂ ਜਾਣਗੀਆਂ ਅਤੇ ਵਿਭਾਗ ਮੁਖੀਆਂ ਨੂੰ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਆਉਣ ਦੇ ਨਿਰਦੇਸ਼ ਦਿੱਤੇ ਜਾਣਗੇ । ਵਫ਼ਦ ਨੇ ਡਿਪਟੀ ਕਮਿਸ਼ਨਰ ਮੋਗਾ ਦਾ ਧੰਨਵਾਦ ਵੀ ਕੀਤਾ। ਵਫ਼ਦ ਵਿੱਚ ਜ਼ਿਲ੍ਹਾ ਚੇਅਰਮੈਨ ਮਹਿੰਦਰ ਪਾਲ ਲੂੰਬਾ, ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਜ਼ਿਲ੍ਹਾ ਕੋਆਰਡੀਨੇਟਰ ਦਰਸ਼ਨ ਸਿੰਘ ਵਿਰਦੀ, ਇਸਤਰੀ ਕੋਆਰਡੀਨੇਟਰ ਪ੍ਰੋਮਿਲਾ ਕੁਮਾਰੀ, ਜਨਰਲ ਸਕੱਤਰ ਅਮਰਜੀਤ ਸਿੰਘ ਜੱਸਲ, ਨਰਿੰਦਰ ਪਾਲ ਸਿੰਘ ਸਹਾਰਨ, ਕੈਸ਼ੀਅਰ ਕ੍ਰਿਸ਼ਨ ਸੂਦ, ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ, ਪ੍ਰੋਮਿਲਾ ਮੈਨਰਾਏ, ਡਾ ਸਰਬਜੀਤ ਕੌਰ ਬਰਾੜ, ਗੁਰਪ੍ਰੀਤ ਸਚਦੇਵਾ, ਮੱਖਣ ਸਿੰਘ, ਕੰਵਲਜੀਤ ਸਿੰਘ ਮਹੇਸਰੀ, ਅਕਬਰ ਚੜਿੱਕ ਅਤੇ ਚਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।