ਅਣ ਅਧਿਕਾਰਤ ਅਤੇ ਗੈਰ ਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਖਿਲਾਫ ਸਖਤੀ, ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਸਟਾਫ਼ ਨਾਲ ਮੀਟਿੰਗ 'ਚ ਕੀਤੇ ਆਦੇਸ਼
ਮੋਗਾ, 16 ਅਗਸਤ:(ਜਸ਼ਨ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਦੇ ਸਮੂਹ ਸਟਾਫ਼ ਦੀ ਮੀਟਿੰਗ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਸਟਾਫ਼ ਨੂੰ ਦੱਸਿਆ ਕਿ ਸਾਉਣੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸਮੇਂ ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਾਸ ਕਰਕੇ ਕੀਟਨਾਸ਼ਕ ਦਵਾਈਆਂ ਦੀ ਭਾਰੀ ਮਾਤਰਾ ਵਿਚ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਲਗਾਤਾਰ ਚੈਕਿੰਗ ਦੇ ਆਦੇਸ਼ ਜਾਰੀ ਕੀਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਅਤੇ ਗੈਰ-ਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਨਾ ਹੋ ਸਕੇ।
ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੇ ਮੀਟਿੰਗ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਤਾਜ਼ਾ ਸਥਿਤੀ ਸਬੰਧੀ ਦੱਸਿਆ ਕਿ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦਾ ਹਮਲਾ ਈ.ਟੀ.ਐਲ ਤੋਂ ਹੇਠਾਂ ਹੈ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਹਾਲਤ ਬਹੁਤ ਵਧੀਆ ਹੈ। ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਨਹੀਂ ਹੈ।
ਡਾ: ਗਿੱਲ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਅੱਜ ਅਖੀਰਲਾ ਦਿਨ ਹੈ ਇਸ ਲਈ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਵੈਰੀਫਿਕੇਸ਼ਨ ਪੈਡਿੰਗ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹੁਣੇ ਤੋਂ ਹੀ ਕੰਮ ਅਰੰਭ ਕਰ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿਚ ਹੀ ਵਾਹ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਵੇ।
ਡਾ: ਜਸਵਿੰਦਰ ਸਿੰਘ ਬਰਾੜ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ ਵੱਖ ਸਕੀਮਾਂ ਤਹਿਤ ਕੀਤੇ ਕੰਮਾਂ ਸਬੰਧੀ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਮੋਗਾ ਦਾ ਸਮੁੱਚਾ ਸਟਾਫ਼ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨੀ ਹਿੱਤ ਵਿਚ ਹਮੇਸ਼ਾ ਤਤਪਰ ਰਹੇਗਾ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਪ੍ਰਿਥੀ ਸਿੰਘ, ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ: ਜਸਵਿੰਦਰ ਸਿੰਘ ਬਰਾੜ, ਖੇਤੀਬਾੜੀ ਅਫ਼ਸਰ ਸ਼ਦਰਮੁਕਾਮ ਡਾ: ਸੁਖਰਾਜ ਕੌਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ: ਬਲਵਿੰਦਰ ਸਿੰਘ ਲੱਖੇਵਾਲੀ, ਸਮੂਹ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਸਬ-ਇੰਸਪੈਕਟਰ, ਇੰਜਨੀਅਰਿੰਗ ਵਿੰਗ, ਅੰਕੜਾ ਵਿੰਗ ਅਤੇ ਦਫ਼ਤਰੀ ਸਟਾਫ਼ ਨੇ ਸਮੂਲੀਅਤ ਕੀਤੀ।