ਮੋਗਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਟਰੀ ਝੰਡਾ ਚੜਾਉਣ ਦੀ ਰਸਮ ਕੀਤੀ ਅਦਾ

ਮੋਗਾ, 16 ਅਗਸਤ (ਜਸ਼ਨ): - ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ।
ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ , ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂੰ, ਸ੍ਰ. ਹਰਜੀਤ ਸਿੰਘ ਅਤੇ ਸ੍ਰੀ ਵਿਕਰਾਂਤ ਕੁਮਾਰ (ਦੋਵੇਂ ਐਡੀਸ਼ਨਲ ਸੈਸ਼ਨ ਜੱਜ), ਆਈ. ਜੀ. ਸ੍ਰੀ ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਜ਼ਿਲਾ ਪੁਲਿਸ ਮੁਖੀ ਸ੍ਰ. ਗੁਲਨੀਤ ਸਿੰਘ ਖੁਰਾਣਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ,  ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਜਯੋਤੀ ਬਾਲਾ ਮੱਟੂ, ਜ਼ਿਲਾ ਪ੍ਰਧਾਨ ਆਪ ਸ੍ਰ. ਹਰਮਨਜੀਤ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।
ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਨੇ ਜ਼ਿਲਾ ਵਾਸੀਆਂ ਨੂੰ ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣੀ ਹੈ। ਅਸਲ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ ਹੈ। ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੁਝ ਨਹੀਂ ਕੀਤਾ। ਉਨਾਂ ਕਿਹਾ ਕਿ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨਾ ਅਤੇ ਹਰਾ-ਭਰਾ ਕਰਨਾ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਹੈ। ਚਾਲੂ ਮੌਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 1.20 ਕਰੋੜ ਤੋਂ ਵਧੇਰੇ ਬੂਟੇ ਲਗਾਏ ਜਾ ਰਹੇ ਹਨ। ਤਿ੍ਰਵੇਣੀਆਂ ਲਗਾ ਕੇ ਪੰਜਾਬ ਦੇ ਖ਼ਤਮ ਹੋ ਰਹੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ 5 ਮਹੀਨੇ ਦੇ ਕਾਰਜਕਾਲ ਦੌਰਾਨ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ।
ਉਨਾਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਖੈਰਾਤ ਵਿੱਚ ਨਹੀਂ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ ਹੈ। ਉਨਾਂ ਕਿਹਾ ਕਿ ਕਈ ਸੰਘਰਸ਼ਾਂ ਦੀ ਬਦੌਲਤ ਹੀ 15 ਅਗਸਤ, 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ। ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਆਜ਼ਾਦੀ ਲਈ ਪ੍ਰਾਣਾਂ ਦੀ ਅਹੂਤੀ ਦੇਣ ਵਾਲਿਆਂ ਵਿੱਚ ਤਕਰੀਬਨ 80 ਫੀਸਦ ਪੰਜਾਬੀ ਸਨ। ਇਹ ਦਿਹਾੜਾ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਊਧਮ ਸਿੰਘ ਦੇ ਬਲੀਦਾਨਾਂ ਦੀ ਯਾਦ ਦਵਾਉਂਦਾ ਹੈ ਅਤੇ ਉਨਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਉਸ ਜੰਗ ਨੂੰ ਆਪਾਂ ਭਾਰਤ ਵਾਸੀ ਸੇਜ਼ਲ ਅੱਖਾਂ ਨਾਲ ਯਾਦ ਕਰਦੇ ਹਾਂ ਅਤੇ ਉਹਨਾਂ ਆਜ਼ਾਦੀ ਘੁਲਾਟੀਆ ਨੂੰ ਸਜਦਾ ਕਰਦੇ ਹੋਏ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਇੰਨੇ ਵਰੇ ਹੋ ਗਏ ਹਨ ਪਰ ਫਿਰ ਵੀ ਅਸੀਂ ਉਹਨਾਂ ਟੀਚਿਆਂ ਨੂੰ ਹਾਲੇ ਤੱਕ ਪ੍ਰਾਪਤ ਨਹੀਂ ਕਰ ਸਕੇ ਜਿਨਾਂ ਦੀ ਕਲਪਨਾ ਆਜ਼ਾਦੀ ਪਰਵਾਨਿਆਂ ਨੇ ਕੀਤੀ ਸੀ। ਸਾਡੇ ਦੇਸ਼ ਦੀ ਵੱਡੀ ਜਨਸੰਖਿਆ, ਕੁਦਰਤੀ ਸਰੋਤਾਂ ਦੀ ਬਹੁਮੁੱਲੀ ਹੋਂਂਦ ਦਾ ਜੇਕਰ ਅਸੀਂ ਸੁਚੱਜੀ ਅਤੇ ਸਹੀ ਦਿਸ਼ਾ ਵਿੱਚ ਵਰਤੋਂ ਕਰੀਏ ਤਾਂ ਇਹ ਸਾਡੇ ਦੇਸ਼ ਦੀ ਤਾਕਤ ਬਣ ਸਕਦੇ ਹਨ ਅਤੇ ਦੇਸ਼ ਦਾ ਵਿਕਾਸ ਹੋਰ ਤੇਜ ਹੋ ਸਕਦਾ ਹੈ। ਉਨਾਂ ਕਿਹਾ ਕਿ ਆਓ, ਅਸੀ ਸਾਰੇ ਅੱਜ ਇਸ ਸ਼ੁੱਭ ਮੌਕੇ ਤੇ ਅਹਿਦ ਲਈਏ ਕਿ ਦੇਸ਼ ਦੀ ਖੁਸ਼ਹਾਲੀ ਲਈ ਅਸੀ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸੂਬੇ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਲਿਜਾਣ ਲਈ ਆਪਣਾ ਯੋਗਦਾਨ ਪਾਉਦੇ ਰਹਾਂਗੇ।
ਇਸ ਮੌਕੇ ਜ਼ਿਲਾ ਮੋਗਾ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ 52 ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ 17 ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ।