ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਮੇਲਾ ਲਗਾਇਆ

ਮੋਗਾ, 19 ਅਕਤੂਬਰ: (ਜਸ਼ਨ): ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ. ਬੁੱਧ ਸਿੰਘ ਵਾਲਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਡਿਪਟੀ ਡਾਇਰੈਕਟਰ ਡਾ. ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ. ਅਸ਼ੋਕ ਕੁਮਾਰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ., ਲੁਧਿਆਣਾ ਵੱਲੋਂ ਕੀਤੀ ਗਈ। ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਸਮਾਗਮ ਵਿੱਚ ਤਾਜੇਸ਼ਵਰ ਸਿੰਘ ਡਿਪਟੀ ਰਜਿਸਟਰਾਰ ਸਹਿਕਾਰਤਾ ਵਿਭਾਗ ਅਤੇ ਰਾਸ਼ੀਦ ਲੇਖੀ ਡੀ.ਡੀ.ਐਮ. ਨਾਬਾਰਡ ਵੀ ਹਾਜ਼ਰ ਹੋਏ। ਕੇ.ਵੀ.ਕੇ. ਦੇ ਡਿਪਟੀ ਡਾਇਰੈਕਟਰ ਡਾ. ਅਮਨਦੀਪ ਸਿੰਘ ਬਰਾੜ ਵੱਲੋਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕਰਕੇ, ਕਣਕ ਅਤੇ ਝੋਨੇ ਦੇ ਬੀਜਾਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਮਨਪ੍ਰੀਤ ਜੈਦਕਾ ਵੱਲੋਂ ਕਿਸਾਨਾਂ ਨੂੰ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਕਣਕ ਵਿੱਚ ਨਦੀਨ ਅਤੇ ਖਾਦ ਪ੍ਰਬੰਧ ਬਾਰੇ ਵੀ ਦੱਸਿਆ ਗਿਆ। ਡਾ. ਰਮਨਦੀਪ ਕੌਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ  ਸਬੰਧੀ ਪੀ.ਏ.ਯੂ. ਵੱਲੋਂ ਵਿਕਸਿਤ ਮਸ਼ੀਨਰੀ ਬਾਰੇ ਚਾਨਣਾ ਪਾਇਆ ਗਿਆ। ਡਾ. ਪ੍ਰਭਜੋਤ ਕੌਰ ਵੱਲੋਂ ਪਸ਼ੂ ਧਨ ਦੀ ਸਾਂਭ-ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ ਗਈ। ਡਾ. ਪ੍ਰੇਰਨਾ ਠਾਕੁਰ ਵੱਲੋਂ ਆਲੂਆਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਕਮਲਦੀਪ ਮਠਾੜੂ, ਕੇ.ਵੀ.ਕੇ., ਫਰੀਦਕੋਟ ਵੱਲੋਂ ਫ਼ਸਲਾਂ ਦੇ ਕੀੜ-ਮਕੌੜੇ ਅਤੇ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਸੰਬੋਧਨ ਕੀਤਾ ਗਿਆ। ਡਾ. ਪਰਮਿੰਦਰ ਕੌਰ ਵੱਲੋਂ ਮੇਲੇ ਵਿੱਚ ਪਹੁੰਚੀਆਂ ਕਿਸਾਨ ਬੀਬੀਆਂ ਨੂੰ ਆਮਦਨ ਵਧਾਊ ਕਿੱਤਿਆਂ ਬਾਰੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਅਦਾਰਿਆਂ ਤੋਂ ਆਏ ਹੋਏ ਅਫਸਰ ਸਾਹਿਬਾਨ ਡਾ. ਸੁਖਰਾਜ ਕੌਰ ਦਿਓਲ, (ਖੇਤੀਬਾੜੀ ਵਿਭਾਗ), ਡਾ. ਬਲਜੋਤ ਸਿੰਘ (ਮੱਛੀ ਪਾਲਣ), ਸ੍ਰੀ ਨਰੇਸ਼ ਕੁਮਾਰ (ਵਿੱਤੀ ਸਾਖਰਤਾ ਸਲਾਹਕਾਰ), ਸ੍ਰੀ ਰਸ਼ੀਦ ਲੇਖੀ (ਨਾਬਾਰਡ), ਸ੍ਰੀਮਤੀ ਸਰਿਤਾ ਚਾਵਲਾ (ਲੀਡ ਬੈਂਕ ਮੈਨੇਜਰ) ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਸ੍ਰੀ ਤਾਜੇਸ਼ਵਰ ਸਿੰਘ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨਗੀ ਭਾਸ਼ਣ ਵਿੱਚ ਡਾ. ਅਸ਼ੋਕ ਕੁਮਾਰ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੀ ਮੁਢਲੀ ਪ੍ਰੋਸੈਸਿੰਗ ਕਰਕੇ ਵੇਚਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਖੇਤੀ ਖਰਚੇ ਘਟਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਕਰਕੇ ਵਾਤਾਵਰਣ ਬਚਾਉਣ ਤੇ ਵੀ ਜੋਰ ਦਿੱਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਕੋਲ ਉਪਲੱਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਸੰਤ ਗੁਰਮੀਤ ਸਿੰਘ ਖੋਸਿਆਂ ਵਾਲਿਆਂ ਵੱਲੋਂ ਕਿਸਾਨ ਵੀਰਾਂ ਨੂੰ ਕੇ.ਵੀ.ਕੇ., ਦੇ ਨਾਲ ਜੁੜਨ ਲਈ ਵੀ ਆਖਿਆ ਗਿਆ ਅਤੇ ਨਾਲ ਹੀ ਉਹਨਾਂ ਵੱਲੋਂ ਗੁਰਬਾਣੀ ਦੇ ਹਵਾਲੇ ਨਾਲ ਆਪਣੀ ਧਰਤੀ ਅਤੇ ਮਿੱਟੀ ਦੀ ਸਿਹਤ ਸੰਭਾਲ ਲਈ ਕਿਸਾਨਾਂ ਵੀਰਾਂ ਮਾਰਗ ਦਰਸ਼ਨ ਕੀਤਾ ਗਿਆ। ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ, ਬਰਸੀਮ  ਅਤੇ ਸਰ੍ਹੋਂ ਦੇ ਬੀਜ ਉਪਲਬਧ ਕਰਵਾਏ ਗਏ। ਇਸ ਮੇਲੇ ਵਿੱਚ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ ਅਤੇ ਅਗਾਂਹ-ਵਧੂ ਕਿਸਾਨ ਵੀਰਾਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ, ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।