ਕੰਪਿਊਟਰ ਅਧਿਆਪਕਾਂ ਨੂੰ ਦੇਰ ਸਵੇਰ ਮਿਲੇਗੀ ਖੁਸ਼ਖਬਰੀ, ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਇਸ਼ਾਰੇ ਨੇ ਕੰਪਿਊਟਰ ਅਧਿਆਪਕਾਂ ਦੇ ਚੇਹਰੇ ਤੇ ਲਿਆਂਦੀਆਂ ਰੌਣਕਾਂ
ਚੰਡੀਗੜ੍ਹ, 22 ਅਕਤੂਬਰ:(ਜਸ਼ਨ):ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ।
ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।
ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।
ਸ.ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।