ਭਾਰਤ ਸਰਕਾਰ ਵੱਲੋਂ ਨਿਰਧਾਰਤ 1.91 ਲੱਖ ਮੀਟਰਕ ਟਨ ਝੋਨਾ ਖਰੀਦ ਦਾ ਟੀਚਾ ਜਲਦ ਪੂਰਾ ਕੀਤਾ ਜਾਵੇਗਾ - ਲਾਲ ਚੰਦ ਕਟਾਰੂਚੱਕ
ਮੋਗਾ, 28 ਅਕਤੂਬਰ (000) - ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਨੇ ਅੱਜ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਅਤੇ ਸਮੇਤ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਅੱਜ ਮੋਗਾ ਵਿਖੇ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.91 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਨਿਰਧਾਰਿਤ ਕੀਤੇ ਟੀਚੇ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿਤੀ ਜਾਵੇ। ਉਹਨਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ ਇਸ ਲਈ ਹੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਅਦੇਸ਼ਾਂ ਅਨੁਸਾਰ ਵੱਖ ਵੱਖ ਮੰਤਰੀ ਸਹਿਬਾਨ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਹਨਾਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਨਾਜ ਮੰਡੀ ਵਿੱਚ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਪ੍ਰੇਸ਼ਾਨੀ ਪੇਸ਼ ਆਉੱਦੀ ਹੈ ਤਾਂ ਉਹ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਜਾਂ ਸਬੰਧਿਤ ਹਲਕੇ ਦੇ ਵਿਧਾਇਕਾਂ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਸਮੱਸਿਆਵਾਂ ਦੱਸ ਕੇ ਹੱਲ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਮਿਤੀ 28 ਅਕਤੂਬਰ ਤੱਕ 391316 ਮੀਟ੍ਰਿਕ ਟਨ ਫਸਲ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 361443 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। 232816 ਮੀਟ੍ਰਿਕ ਟਨ ਝੋਨੇ ਦੀ 72 ਘੰਟੇ ਵਿਚ ਲਿਫਟਿੰਗ ਵੀ ਹੋ ਚੁੱਕੀ ਹੈ ਜੌ ਕਿ 113 ਫੀਸਦੀ ਬਣਦੀ ਹੈ।