ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਕਰਕੇ ਕਿਸਾਨ ਬਲਦੇਵ ਸਿੰਘ ਬਣਿਆ ਹੋਰਨਾਂ ਕਿਸਾਨਾਂ ਲਈ ਮਿਸਾਲ

ਮੋਗਾ, 30 ਅਕਤੂਬਰ: (ਜਸ਼ਨ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲਾ ਮੋਗਾ ਦੀ ਸਹਾਇਤਾ ਨਾਲ ਪਿੰਡ ਤਲਵੰਡੀ ਭੰਗੇਰੀਆਂ ਦਾ ਕਿਸਾਨ ਬਲਦੇਵ ਸਿੰਘ ਪੁੱਤਰ ਭਜਨ ਸਿੰਘ ਪਿਛਲੇ 10 ਸਾਲਾਂ ਤੋਂ 30 ਏਕੜ (22 ਏਕੜ ਮਾਲਕੀ ਅਤੇ 8 ਏਕੜ ਠੇਕੇ ਤੇ) ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਕਰਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੋਇਆ ਹੈ।
ਬਲਦੇਵ ਸਿੰਘ ਨੇ ਕਿਹਾ ਕਿ ਉਸਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਪਾਣੀ ਦੀ ਵਰਤੋਂ ਮਾਪਣ ਲਈ 6 ਏਕੜ ਰਕਬੇ ਵਿੱਚ ਸਿੰਚਾਈ ਲਈ ਵਰਤੀ ਜਾਂਦੀ ਮੋਟਰ ਤੇ ਇੱਕ ਮੀਟਰ ਲਗਾਇਆ ਹੋਇਆ ਹੈ। ਤੁਲਨਾਤਮਕ ਅਧਿਐਨ ਨਾਲ ਮਿਲੇ ਨਤੀਜਿਆਂ ਵਜੋਂ ਵੇਖਣ ਵਿੱਚ ਆਇਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਇਕ ਏਕੜ ਰਕਬੇ ਵਿਚੋਂ 125.5 ਮੀਟਿ੍ਰਕ ਕਿਊਸਿਕ ਪਾਣੀ ਦੀ ਬਚਤ ਹੁੰਦੀ ਹੈ। ਬਲਦੇਵ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨਾ ਸਾੜਨ ਨਾਲ ਜਿੱਥੇ ਵਾਤਾਵਰਨ ਤੇ ਮਾਰੂ ਪ੍ਰਭਾਵ ਪੈਣ ਤੇ ਰੋਕ ਲੱਗਦੀ ਹੈ ਉਥੇ ਕਿਸਾਨ ਦੀ ਖੇਤੀਬਾੜੀ ਧੰਦੇ ਵਿਚਲੀ ਲਾਗਤ ਵੀ ਘੱਟਦੀ ਹੈ।
ਝੋਨੇ ਦੀ ਸਿੱਧੀ ਬਿਜਾਈ ਵਿੱਚ ਸਫ਼ਲਤਾ ਪੂਰਵਕ ਝੋਨੇ ਤੋਂ ਵਧੀਆ ਝਾੜ ਲੈਣ ਵਾਲੇ ਕਿਸਾਨ ਬਲਦੇਵ ਸਿੰਘ ਨੇ ਕਿਹਾ ਕਿ ਉਸਨੇ ਆਪਣੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਾਂ ਕੀਤੀ ਹੀ ਇਸਦੇ ਨਾਲ ਹੀ ਉਸਨੇ ਆਪਣੇ ਸਾਥੀ ਕਿਸਾਨਾਂ ਨੂੰ ਵੀ ਇਸ ਬਾਰੇ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਸਾਂ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਮਿਲਾਕੇ ਵਧੀਆ ਢੰਗ ਨਾਲ ਸਾਂਭ-ਸੰਭਾਲ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਹ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਸੰਯੁਕਤ ਕੰਬਾਈਨ ਨਾਲ ਕਰਾਉਣ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰੇਗਾ। ਉਸਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦਾ ਹੱਲ ਕਰਨ ਤੋਂ ਇਲਾਵਾ ਪਰਾਲੀ ਜ਼ਮੀਨ ਵਿੱਚ ਮਿਲਾਉਣ ਨਾਲ ਕਣਕ ਦੀ ਬਿਜਾਈ ਲੱਗਭਗ ਇੱਕ ਹਫਤਾ ਅਗੇਤੀ ਹੋ ਜਾਂਦੀ ਹੈ, ਜਿਸ ਨਾਲ ਇਸ ਤੋਂ ਅਗਲੇਰੀ ਫ਼ਸਲ, ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਵੀ ਸਮੇਂ ਸਿਰ ਹੋ ਜਾਂਦੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਆਉਂਦਾ ਹੈ।
ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਹੁਣ ਸਾਰੇ ਕਿਸਾਨਾਂ ਨੂੰ ਹੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੇ ਰੋਕ ਲਗਾ ਦੇਣੀ ਚਾਹੀਦੀ ਹੈ ਕਿਉਂਕਿ ਕਿਸਾਨ, ਵਾਤਾਵਰਨ ਅਤੇ ਮਿੱਟੀ ਨੂੰ ਇਸਦਾ ਲਾਭ ਹੋਣ ਦੀ ਬਿਜਾਇ ਬੜਾ ਹੀ ਘਾਤਕ ਨੁਕਸਾਨ ਹੁੰਦਾ ਹੈ।
ਕਿਸਾਨ ਬਲਦੇਵ ਸਿੰਘ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਦੇ ਪੰਜਾਬ ਸੂਬੇ ਨੂੰ ਜ਼ੀਰੋ ਸਟਬਲ ਬਰਨਿੰਗ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ।
--