ਬੱਸਾਂ ਦੇ ਟਾਈਮ ਟੇਬਲ ਵਿੱਚ ਪੱਖਪਾਤ ਕਰਨ ਵਾਲੇ ਅਧਿਕਾਰੀਆਂ ਨੂੰ ਬਾਜ਼ ਆਉਣ ਲਈ ਆਖਿਆ ,ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਸਖ਼ਤ

ਚੰਡੀਗੜ੍ਹ 19 ਨਵੰਬਰ :(ਜਸ਼ਨ):ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਟਾਈਮ ਟੇਬਲ ਜਾਰੀ ਕਰਨ ਸਮੇਂ ਵੱਡੇ ਬੱਸ ਆਪ੍ਰੇਟਰਾਂ ਜਾਂ ਵੱਡੇ ਸਿਆਸੀ ਘਰਾਣਿਆਂ ਲਈ ਕੋਈ ਤਰਫ਼ਦਾਰੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਬੱਸ ਮਾਫ਼ੀਆ ਦੇ ਖ਼ਾਤਮੇ ਦਾ ਪ੍ਰਣ ਲਿਆ ਹੈ, ਇਸ ਲਈ ਯੋਗ ਛੋਟੇ ਬੱਸ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿਚ ਥਾਂ ਨਾ ਦੇ ਕੇ ਅਤੇ ਵੱਡੇ ਘਰਾਣਿਆਂ ਅਤੇ ਵੱਡੇ ਬੱਸ ਆਪ੍ਰੇਟਰਾਂ ਦੀ ਤਰਫ਼ਦਾਰੀ ਕਰਨ ਵਾਲੇ ਅਧਿਕਾਰੀ ਜਾਂ ਮੁਲਾਜ਼ਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਵੇਂ ਜਾਰੀ ਹੋਏ ਬੱਸ ਟਾਈਮ ਟੇਬਲ ਵਿੱਚ ਹੇਠਲੇ ਪੱਧਰ 'ਤੇ ਪੱਖਪਾਤ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਪਾਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।