ਸਰਕਾਰੀ ਸਕੂਲਾਂ ਦੇ ਬੱਚੇ ਖਿਡੌਣਿਆਂ ਨਾਲ ਖੇਡਣਗੇ, ''ਪ੍ਰੀ ਪ੍ਰਾਇਮਰੀ ਸਿੱਖਿਆ ਦੇ ਆਧੁਨਿਕੀਕਰਨ ਲਈ, ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਲਾਗਤ ਨਾਲ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਨਵੰਬਰ:(ਜਸ਼ਨ )ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣਿਆਂ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ   ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ।ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।