ਦੀਪਕ ਅਰੋੜਾ ਸਮਾਲਸਰ ਦੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ,ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ,ਵਿਧਾਇਕਾ ਡਾ. ਅਮਨਦੀਪ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਰਹੇ ਹਾਜ਼ਰ

ਮੋਗਾ, 7 ਦਸੰਬਰ (ਜਸ਼ਨ ) ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਦੀਪਕ ਅਰੋੜਾ ਸਮਾਲਸਰ ਦੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ,ਵਿਧਾਇਕਾ ਡਾ. ਅਮਨਦੀਪ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ, ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਪ, ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ , ਸਤਵੀਰ ਸੱਤੀ ਜੋਇੰਟ ਸਕੱਤਰ ਯੂਥ ਵਿੰਗ ਪੰਜਾਬ ,ਕਰਨ ਜਲਾਲਾਬਾਦ ਬਲਾਕ ਪ੍ਰਧਾਨ ਮਹਿਣਾ ,ਅਮਨ ਰੱਖੜਾ ਮੀਡੀਆ ਇੰਚਾਰਜ ਜ਼ਿਲ੍ਹਾ ਮੋਗਾ, ਸ੍ਰ ਨਵਦੀਪ ਵਾਲੀਆ ,ਅਮਿਤ ਪੁਰੀ,ਕਮਲ ਮੱਲ੍ਹੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਿਰਕਤ ਕੀਤੀ।ਦੀਪਕ ਅਰੋੜਾ ਸਮਾਲਸਰ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਔਹਦਾ ਸੰਭਾਲਣ ਤੇ ਮੁਬਾਰਕਾਂ ਦੇਣ ਤੋਂ ਬਾਅਦ  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ  ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਨਿੱਜਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਆਬਾਦੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਰਹਿਣ ਦੀ ਸਮੱਸਿਆ ਵੀ ਪੇਸ਼ ਆ ਰਹੀ ਹੈ। ਲੋਕਾਂ ਦੀ ਇਸ ਮੁਸ਼ਕਿਲ ਨੂੰ ਆਸਾਨ ਕਰਨ ਲਈ ਨਵੀਆਂ ਕਲੋਨੀਆਂ ਵਿਕਸਤ ਕਰਕੇ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ।

ਉਹਨਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਨਅਤੀ ਪਾਰਕ ਵੀ ਸਥਾਪਤ ਕੀਤੇ ਜਾ ਰਹੇ  ਹਨ ਜਿਸ ਦੀ ਸ਼ੁਰੂਆਤ ਲੁਧਿਆਣਾ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਮੋਗਾ ਵਿੱਚ ਵੀ ਇਸ ਦਿਸ਼ਾ ਵਿਚ ਕੰਮ ਸ਼ੁਰੂ ਹੋਵੇਗਾ। ਉਹਨਾਂ ਦੀਪਕ ਅਰੋੜਾ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ।
ਉਹਨਾਂ ਕਿਹਾ ਕਿ ਸੂਬੇ ਵਿੱਚ ਸੜਕ ਹਾਦਸੇ ਘਟਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਜੀਵਨ ਮੁਹਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡਰਿੰਕ ਐਂਡ ਡਰਾਈਵ ਮੁਹਿੰਮ ਨੂੰ ਲੋਕਾਂ ਅਤੇ ਮੀਡੀਆ ਦੇ ਸਹਿਯੋਗ ਨਾਲ ਸਫ਼ਲ ਕੀਤਾ ਜਾਵੇਗਾ।
ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਉਹਨਾਂ ਕਿਹਾ ਕਿ ਐਤਕੀਂ 87 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਯੂਨਿਟਾਂ ਘੱਟ ਦਿਖਾਉਣ ਲਈ ਇੱਕੋ ਇਮਾਰਤ ਵਿੱਚ ਦੋ ਦੋ ਬਿਜਲੀ ਦੇ ਮੀਟਰ ਲਾਉਣ ਦੀ ਕਵਾਇਦ ਤੋਂ ਪਰਹੇਜ਼ ਕਰਨ।
ਉਹਨਾਂ ਨਗਰ ਨਿਗਮ ਦਿੱਲੀ ਚੋਣਾਂ ਵਿੱਚ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਹੁੰਗਾਰੇ ਲਈ ਦਿੱਲੀ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਾਰਟੀ ਨੇ ਪਹਿਲੀ ਵਾਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਹਿੱਸਾ ਲਿਆ ਹੈ। ਉਥੋਂ ਦੇ ਜੋ ਵੀ ਨਤੀਜੇ ਆਉਣਗੇ ਉਹ ਆਪ ਪਾਰਟੀ ਦੀ ਪ੍ਰਾਪਤੀ ਹੋਵੇਗੀ।  
ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਹਨਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹਰ ਚੋਣ ਵਿੱਚ ਇਤਿਹਾਸਿਕ ਜਿੱਤ ਹਾਸਿਲ ਹੋਈ ਹੈ। ਚੇਅਰਮੈਨ ਦੀਪਕ ਅਰੋੜਾ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।