ਸਰਹਾਲੀ ਥਾਣੇ 'ਤੇ ਹੋਇਆ ਹਮਲਾ, ਪੰਜਾਬ ਲਈ ਖ਼ਤਰੇ ਦੀ ਚੇਤਾਵਨੀ: ਰਾਜਾ ਵੜਿੰਗ
ਚੰਡੀਗੜ੍ਹ, 10 ਦਸੰਬਰ(ਜਸ਼ਨ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ 'ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚੇਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ।
ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚੇਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ।
ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲਾਪਰਵਾਹੀ ਦੀ ਆਲੋਚਨਾ ਕੀਤੀ ਹੈ, ਜਿਸ ਕਾਰਨ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਕਾਨੂੰਨ ਦੇ ਡਰ ਤੋਂ ਬਿਨਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਮੌਕਾ ਮਿਲ ਰਿਹਾ ਹੈ।
ਵੜਿੰਗ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਆਪ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖ਼ਤਰੇ ਦੀ ਨਿਸ਼ਾਨੀ ਹੈ, ਜਿਸਦਾ ਕਾਰਨ ਇਹ ਹੈ ਕਿ 'ਆਪ' ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਉਨ੍ਹਾਂ ਜ਼ਿਕਰ ਕੀਤਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਇਹ ਦੂਜਾ ਆਰਪੀਜੀ ਹਮਲਾ ਹੈ। ਸੂਬੇ ਵਿੱਚ ਪਹਿਲਾਂ ਹੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਵਿਰੁੱਧ ਅਸੀਂ ਵਾਰ-ਵਾਰ ਚੇਤਾਵਨੀ ਦੇ ਰਹੇ ਹਾਂ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ।
ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਇਸ ਵਾਰ ਸਰਕਾਰ ਇਸ ਖਤਰੇ ਨੂੰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਥੇ ਟਾਰਗੇਟ ਕਿਲਿੰਗ ਹੋ ਰਹੀਆਂ ਹਨ ਅਤੇ ਪੁਲੀਸ ਸਟੇਸ਼ਨ ’ਤੇ ਰਾਕੇਟ ਹਮਲਾ ਹੋਇਆ ਹੈ, ਜੋ ਸੂਬੇ ਲਈ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਰਹੀ। ਜਦੋਂ ਕਿ ਪ੍ਰਸ਼ਾਸਨ ਦੀ ਪ੍ਰਵਾਹ ਨਹੀਂ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬੁਰੀ ਹਾਲਤ 'ਤੇ ਪਹੁੰਚ ਗਈ। ਅਜਿਹੇ 'ਚ ਪੰਜਾਬ 'ਚ ਹਿੰਸਕ ਘਟਨਾਵਾਂ ਰੋਜ਼ ਦੀਆਂ ਗੱਲਾਂ ਬਣ ਗਈਆਂ ਹਨ।
ਜਿਸ 'ਤੇ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ 'ਤੇ ਕਾਬੂ ਪਾਉਣ ਦੀ ਅਪੀਲ ਕੀਤੀ ਕਿਉਂਕਿ ਪੰਜਾਬੀਆਂ ਨੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਕੀਤਾ ਹੈ, ਨਾ ਕਿ ਕਿਸੇ ਬਾਹਰੀ ਵਿਅਕਤੀ 'ਤੇ।
ਇਸ ਦੌਰਾਨ ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਆਪਣੀ ਪਾਰਟੀ ਵੱਲੋਂ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਦੁਸ਼ਮਣਾਂ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਦੇਸ਼ ਦੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ।