ਮੋਗਾ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਦਾ ਸਫਲ ਆਯੋਜਨ
ਮੋਗਾ, 24 ਦਸੰਬਰ:(ਜਸ਼ਨ): ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜਿ਼ਲ੍ਹਾ ਮੋਗਾ ਦੇ ਸਿੱਖਿਆ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ 24 ਦਸੰਬਰ ਦਿਨ ਸ਼ਨੀਵਾਰ ਨੂੰ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਕਰਵਾਈ ਗਈ, ਜਿਸ ਵਿੱਚ ਪਹਿਲੀ ਵਾਰ ਜਿ਼ਲ੍ਹੇੇ ਦੇ ਸਿੱਖਿਆ ਅਧਿਕਾਰੀਆਂ ਦੇ ਨਾਲ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਭਾਗ ਲਿਆ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਸਿੱਖਿਆ ਅਫ਼ਸਰ (ਸ) ਚਮਕੌਰ ਸਿੰਘ ਸਰਾਂ, ਜਿ਼ਲ੍ਹਾ ਸਿੱਖਿਆ ਅਫ਼ਸਰ (ਐ) ਅਨੀਤਾ ਪੁਰੀ, ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਕੁਮਾਰ ਮੱਕੜ ਅਤੇ ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ (ਐ) ਨਿਸ਼ਾਨ ਸਿੰਘ ਸੰਧੂ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਪ੍ਰੈਸ ਨੋਟ ਰਾਹੀਂ ਅਧਿਆਪਕ ਮਾਪੇ ਮਿਲਣੀ ਇੰਸਪਾਇਰ ਮੀਟ 2.0 ਸਬੰਧੀ ਜਾਣਕਾਰੀ ਦਿੰਦਿਆਂ ਕੀਤਾ।
ਸਿੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਮਿਹਨਤੀ ਬਲਾਕ ਨੋਡਲ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ, ਸਕੂਲਾਂ ਵਿੱਚ ਮੇਲੇ ਤਿਉਹਾਰ ਅਤੇ ਸਮਾਗਮਾਂ ਜਿਹਾ ਮਾਹੌਲ ਸੀ। ਸਕੂਲਾਂ ਨੂੰ ਖੁਬਸੂਰਤੀ ਨਾਲ ਸਜਾਇਆ ਗਿਆ ਸੀ, ਸਕੂਲ ਵਿੱਚ ਆ ਰਹੇ ਮਾਪਿਆਂ ਨੂੰ ਫੁੱਲ ਭੇਂਟ ਕੀਤੇ ਗਏ, ਲਾਈਬ੍ਰੇਰੀ ਲੰਗਰ, ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਸਿੱਖਿਆਦਾਇਕ ਪ੍ਰਦਰਸ਼ਨੀਆਂ, ਅਕਾਦਮਿਕ ਪ੍ਰਾਪਤੀਆਂ ਸਬੰਧੀ ਚਾਰਟ, ਮਾਡਲ, ਫਲੈਕਸ ਖਿੱਚ ਦਾ ਕੇਂਦਰ ਬਣੇ ਰਹੇ।
ਜਿ਼ਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅੱਜ ਉਨ੍ਹਾਂ ਦੁਆਰਾ ਜਿ਼ਲ੍ਹਾ ਮੋਗਾ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰੇਰਨਾਦਾਇਕ ਨਿਰੀਖਣ ਕੀਤਾ ਗਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਮਾਪੇ ਅਧਿਆਪਕ ਮਿਲਣੀ ਵਿੱਚ ਹਜ਼ਾਰਾਂ ਦੀ ਗਿਣਤੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕੀਤੀ ਸ਼ਮੂਲੀਅਤ ਇਸ ਮਾਪੇ ਅਧਿਆਪਕ ਮੀਟਿੰਗ ਦੀ ਸਫ਼ਲਤਾ ਦੀ ਗਵਾਹੀ ਭਰੀ ਹੈ।
ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਵੱਲੋਂ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਮਿਲ ਬੈਠ ਕੇ ਸਕੂਲੀ ਸਿੱਖਿਆ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ ਚਰਚਾਵਾਂ ਨੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਮੁਦਾਇ ਵਿਚਲੀ ਆਪਸੀ ਸਾਂਝ ਨੂੰ ਮਜ਼ਬੂਤੀ ਪ੍ਰਧਾਨ ਕੀਤੀ ।
ਜਿਕਰਯੋਗ ਹੈ ਕਿ ਅੱਜ ਦੀ ਇਸ ਇੰਸਪਾਇਰ ਮੀਟ ਲਈ ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਰਾਹੀ, ਧਾਰਮਿਕ ਅਤੇ ਸਰਵਜਨਿਕ ਸਥਾਨਾਂ ਤੋਂ ਮੁਨਾਦੀ ਰਾਹੀਂ, ਚੁਣੇ ਨੁਮਾਇੰਦਿਆਂ ਦੇ ਖਾਸ ਯੋਗਦਾਨ ਨਾਲ, ਪੋਸਟਰ, ਬੈਨਰ ਅਤੇ ਫਲੈਕਸ ਬੋਰਡ ਬਣਾਉਂਦਿਆਂ ਅਤੇ ਨਿੱਜੀ ਸੰਪਰਕ ਦੇ ਚਲਦਿਆਂ ਹਰ ਇੱਕ ਵਿਦਿਆਰਥੀ ਦੇ ਮਾਪੇ ਅਤੇ ਸਿੱਖਿਆ ਪ੍ਰਤੀ ਸੁਹਿਰਦ ਆਮ ਵਿਅਕਤੀ ਤੱਕ ਪਹੁੰਚ ਕੀਤੀ ਗਈ ਸੀ। ਅੱਜ ਦੇ ਇਸ ਇਤਿਹਾਸਿਕ ਦਿਨ ਮੌਕੇ ਸਰਕਾਰੀ ਸਕੂਲਾਂ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਂਦੇ ਹੋਏ ਬਲਾਕ ਨੋਡਲ ਅਫ਼ਸਰਾਂ ਅਤੇ ਬੀਪੀਈਓ ਵੀ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਨਜ਼ਰ ਆਏ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।