ਜਿਲ੍ਹਾ ਮੋਗਾ ਦੇ 'NRI ਪੰਜਾਬੀ ਆਪਣੀਆਂ ਸਮੱਸਿਆਵਾਂ ਲੈ ਕੇ ਕੁਲਦੀਪ ਧਾਲੀਵਾਲ ਨੂੰ ਮੋਗਾ ਮਿਲਣ : ਹਰਮਨਜੀਤ ਦਿਦਾਰੇਵਾਲਾ

ਮੋਗਾ, 25 ਦਸੰਬਰ(ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਜਿਲ੍ਹਾ ਪ੍ਰਧਾਨ ਹਰਮਨਜੀਤ ਦਿਦਾਰੇਵਾਲਾ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਦੱਸਿਆ ਕਿ ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਕਿ ਆਈ. ਐਸ. ਐਫ. ਕਾਲਜ ਘੱਲ ਕਲਾਂ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜਿਲਿਆ ਦੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।