ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ, ਪੀ ਡਬਲਯੂ ਡੀ 'ਚ ਬਿੱਲ ਪ੍ਰਵਾਨਗੀ ਬਦਲੇ ਲੈ ਰਿਹਾ ਸੀ 5,000 ਰੁਪਏ ਰਿਸ਼ਵਤ,ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Tags: 

ਚੰਡੀਗੜ੍ਹ, 3 ਜਨਵਰੀ(ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 ਉਨ੍ਹਾਂ ਦੱਸਿਆ ਕਿ ਉਕਾ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।