ਕ੍ਰਿਸ਼ੀ ਵਿਗਿਆਨ ਕੇਂਦਰ, ਮੋਗਾ ਦੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ
ਮੋਗਾ, 9 ਜਨਵਰੀ:(ਜਸ਼ਨ):
ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਜੀ.ਐਸ. ਬੁੱਟਰ ਵੱਲੋਂ ਕੀਤੀ ਗਈ। ਵਧੀਕ ਨਿਰਦੇਸ਼ਕ ਖੋਜ ਡਾ. ਪੀ.ਪੀ.ਐਸ. ਪੰਨੂ ਵਿਸ਼ੇਸ਼ ਮਹਿਮਾਨ ਵੱਜੋਂ ਮੀਟਿੰਗ ਵਿੱਚ ਸ਼ਾਮਿਲ ਹੋਏ।
ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡਾ. ਅਮਨਦੀਪ ਸਿੰਘ ਬਰਾੜ, ਡਿਪਟੀ ਡਾਇਰੈਕਟਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਦੀ ਵਿਸਥਾਰ ਸਹਿਤ ਰਿਪੋਰਟ ਪੇਸ਼ ਕੀਤੀ। ਇਸ ਤੋਂ ਇਲਾਵਾ ਆਉਣ ਵਾਲੇ ਸਾਲ ਦੀ ਕਾਰਜਨੀਤੀ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਨੁਮਾਇੰਦਿਆਂ ਅਤੇ ਅਗਾਂਹ ਵਧੂ ਕਿਸਾਨਾਂ ਵੱਲੋਂ ਇਸ ਕਾਰਜਨੀਤੀ ਨੂੰ ਹੋਰ ਵਧੀਆ ਬਣਾਉਣ ਲਈ ਵੱਡਮੁੱਲੇ ਸੁਝਾਅ ਦਿੱਤੇ ।
ਡਾ. ਬੁੱਟਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਫ਼ਸਲੀ ਪ੍ਰਣਾਲੀ ਅਪਨਾਉਣ ਲਈ ਸੱਦਾ ਦਿੱਤਾ। ਉਹਨਾਂ ਨੇ ਜ਼ਿਲ੍ਹਾ ਮੋਗਾ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਕਰਨ ਤੇ ਜੋਰ ਦਿੱਤਾ ਅਤੇ ਅਪੀਲ ਕੀਤੀ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ/ਕਿਸਮਾਂ ਦੀ ਕਾਸ਼ਤ ਨੂੰ ਕਿਸਾਨ ਤਵੱਜੋ ਦੇਣ।
ਉਨ੍ਹਾਂ ਕਣਕ-ਝੋਨੇ ਦੇ ਇਲਾਵਾ ਹੋਰ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਅਤੇ ਫ਼ਸਲਾਂ ਦੇ ਸਵੈ-ਮੰਡੀਕਰਨ ਨੂੰ ਪ੍ਰਚਾਰਨ ਤੇ ਜੋਰ ਦਿੱਤਾ। ਇਸ ਤੋਂ ਇਲਾਵਾ ਡਾ. ਬੁੱਟਰ ਨੇ ਖੇਤੀਬਾੜੀ ਨਾਲ ਸਬੰਧਿਤ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਲਈ ਆਖਿਆ।
ਡਾ. ਪੀ.ਪੀ.ਐਸ. ਪੰਨੂ ਵੱਲੋਂ ਕਿਸਾਨ ਵੀਰਾਂ ਨੂੰ ਆਪਣਾ ਬੀਜ ਭੰਡਾਰਨ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਸਾਨਾਂ ਨੂੰ ਗੁੜ ਦੀ ਵੈਕਯੂਮ ਅਤੇ ਨਾਈਟ੍ਰੋਜਨ ਪੈਕਿੰਗ ਵਿਧੀ ਅਪਨਾਉਣ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਡਾ. ਸੁਖਰਾਜ ਕੌਰ, ਮੱਛੀ ਪਾਲਣ ਵਿਭਾਗ ਵੱਲੋਂ ਡਾ. ਬਲਜੋਤ ਸਿੰਘ, ਪਸ਼ੂ ਪਾਲਣ ਵਿਭਾਗ ਵੱਲੋਂ ਡਾ. ਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਕੇ.ਵੀ.ਕੇ. ਦੇ ਪ੍ਰਦਰਸ਼ਨੀ ਪਲਾਟਾਂ ਦਾ ਦੌਰਾ ਵੀ ਕਰਵਾਇਆ ਗਿਆ।