ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹੈ,ਸਧਾਰਨ ਵਿਅਕਤੀ ਦੇ ਪੁੱਤ ਨੂੰ, ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਣਾ -: ਭਗਵੰਤ ਮਾਨ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਕੋਲੋਂ ਉਰਦੂ ਦੀ ਸ਼ੇਅਰੋ-ਸ਼ਾਇਰੀ ਤੋਂ ਬਿਨਾਂ ਸੂਬਾ ਦੀ ਭਲਾਈ ਅਤੇ ਇੱਥੋਂ ਤੱਕ ਕਿ ਭਾਜਪਾ ਲਈ ਵੀ ਕੱਖ ਨਹੀਂ ਹੋਣਾ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਇਕ ਰੁਪਿਆ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਅਜਿਹੀਆਂ ਸਾਰੀਆਂ ਲੁੱਟਾਂ ਦਾ ਪਰਦਾਫ਼ਾਸ਼ ਕਰਨਗੇ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਦ੍ਰਿੜ੍ਹ ਵਚਨਬੱਧਤਾ ਹੈ ਕਿ ਭ੍ਰਿਸ਼ਟਾਚਾਰੀ ਆਗੂ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਖ਼ਿਲਾਫ਼ ਕੇਸ ਦਰਜ ਹੋਵੇਗਾ ਅਤੇ ਉਸ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਮਿਲੇਗੀ।
ਰਵਾਇਤੀ ਸਿਆਸੀ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਗੂਣੇ ਜਿਹੇ ਮਸਲੇ ਉਠਾ ਕੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਉਦੋਂ ਕਿਉਂ ਖ਼ਾਮੋਸ਼ ਹੋ ਗਏ ਸਨ, ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਸੰਭਾਲਣ ਦਾ ਮੌਕਾ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਰੌਲਾ-ਰੱਪਾ ਪਾ ਰਹੇ ਹਨ।
ਮੁੱਖ ਮੰਤਰੀ ਨੇ ਕਾਂਗਰਸ ਤੇ ਅਕਾਲੀਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਵਿੱਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਗੈਂਗਸਟਰ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਪੈਦਾ ਨਹੀਂ ਹੋਏ, ਸਗੋਂ ਕਾਂਗਰਸ ਤੇ ਅਕਾਲੀ ਆਗੂਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਇਨ੍ਹਾਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਕਿਉਂਕਿ ਇਨ੍ਹਾਂ ਆਗੂਆਂ ਤੇ ਪਾਰਟੀਆਂ ਨੇ ਅਜਿਹੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤਿਆ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਇਹ ਕਿੰਨੀ ਬਦਕਿਸਮਤੀ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 2020 ਵਿੱਚ ਆਏ ਹੜ੍ਹਾਂ ਕਾਰਨ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਪਰ ਸਮੇਂ ਦੀ ਸਰਕਾਰ ਨੇ ਫੋਕੀ ਬਿਆਨਬਾਜ਼ੀ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਵਿਆਪਕ ਤਬਾਹੀ ਹੋਈ ਪਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਸੂਬਾ ਸਰਕਾਰ ਨੇ ਇਹ ਮਾਮਲਾ ਲਟਕਾ ਕੇ ਮੁਸੀਬਤ ਦੇ ਮਾਰੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ। ਉਨ੍ਹਾਂ ਆਖਿਆ ਕਿ ਉਦੋਂ ਦੀ ਸਰਕਾਰ ਦੀ ਆਪਹੁਦਰੀ ਇਸ ਗੱਲੋਂ ਵੀ ਝਲਕਦੀ ਹੈ ਕਿ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਇਕ ਰੁਪਿਆ ਵੀ ਨਹੀਂ ਖ਼ਰਚਿਆ ਗਿਆ। ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ ਜਿਸ ਵਿੱਚੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।