ਕੈਬਨਿਟ ਮੰਤਰੀ ਨੇ ਅਚਾਨਕ ਮੋਗਾ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ, ਕਿਹਾ ਸਰਕਾਰੀ ਸਕੂਲਾਂ 'ਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਸੂਬੇ ‘ਚ ਜਲਦ ਖੁੱਲ੍ਹਣਗੇ 100 ‘ਸਕੂਲ ਆਫ਼ ਐਮੀਨੇਂਸ’

ਮੋਗਾ, 21 ਜਨਵਰੀ (ਜਸ਼ਨ): ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਅਚਾਨਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਹਾਜ਼ਰ ਸਨ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ।ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਇਸੇ ਕਰਕੇ ਹੀ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਜਲਦੀ ਹੀ 100 ਤੋਂ ਵਧੇਰੇ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾਵੇਗੀ ਤਾਂ ਜੌ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ।
ਉਹਨਾਂ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਹਨਾਂ ਸਕੂਲ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।